ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮਾਮਲੇ ਸਬੰਧੀ ਵਿਸ਼ੇਸ਼ ਇਕੱਤਰਤਾ ਤੋਂ ਬਾਅਦ ਫ਼ੈਸਲਾ ਲਿਆ ਗਿਆ। ਪੰਜ ਪਿਆਰਿਆਂ ਵੱਲੋਂ ਲਏ ਫੈਸਲੇ ਵਿਚ ਕਿਹਾ ਗਿਆ ਕਿ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਜਦੋਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ ਹੈ, ਇਹ ਸਿੱਖ ਜਗਤ ਵਿਚ ਸਰਵਉੱਚ ਹੈ ਅਤੇ ਸਮੁੱਚਾ ਸਿੱਖ ਜਗਤ ਆਪਣੇ ਮਸਲੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਲੈ ਕੇ ਆਉਂਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਫੈਸਲਿਆਂ ਨੂੰ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਸਵੀਕਾਰ ਕਰਦੀ ਹੈ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ 21 ਮਈ ਨੂੰ ਜੋ ਫੈਸਲਾ ਕੀਤਾ ਗਿਆ ਹੈ, ਉਹ ਪੰਥਕ ਏਕਤਾ ਨੂੰ ਢਾਅ ਲਗਾਉਣ ਵਾਲਾ ਹੈ ਤੇ ਸਿੱਖ ਕੌਮ ਦਾ ਅਕਸ ਖਰਾਬ ਕਰਨ ਵਾਲਾ ਹੈ, ਜੋ ਗੈਰ-ਸਿਧਾਂਤਕ ਤੇ ਗੈਰ-ਵਾਜ਼ਬ ਹੈ। ਇਸ ਇਕੱਤਰਤਾ ਵਿੱਚ ਭਾਈ ਸੁਖਦੇਵ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਰਛਪਾਲ ਸਿੰਘ ਤੇ ਭਾਈ ਸੰਦੀਪ ਸਿੰਘ ਪੰਜ ਪਿਆਰੇ ਸ਼ਾਮਿਲ ਹੋਏ ।
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਲਿਆ ਫੈਸਲਾ ਪੰਥਕ ਏਕਤਾ ਨੂੰ ਢਾਅ ਲਗਾਉਣ ਵਾਲਾ – ਪੰਜ ਪਿਆਰੇ ਸ੍ਰੀ ਅਕਾਲ ਤਖਤ ਸਾਹਿਬ
