ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਜਾਰੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ ਪੁਲੀਸ ਨੇ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15.9 ਕਿਲੋ ਹੈਰੋਇਨ, 102 ਕਿਲੋ ਭੁੱਕੀ ਅਤੇ 25.52 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਹੈ। ਸ਼ੁੱਕਰਵਾਰ ਨੂੰ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਦੇ 82ਵੇਂ ਦਿਨ ਵੀਰਵਾਰ ਨੂੰ ਗ੍ਰਿਫ਼ਤਾਰੀਆਂ ਅਤੇ ਜ਼ਬਤੀਆਂ ਕੀਤੀਆਂ ਗਈਆਂ, ਜਿਸ ਨਾਲ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 12,650 ਹੋ ਗਈ ਹੈ।
ਜ਼ਿਕਰਯੋਗ ਹੈ ਕਿ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲੀਸ ਜ਼ਿਲ੍ਹਿਆਂ ਵਿੱਚ ਇਹ ਕਾਰਵਾਈ ਇੱਕੋ ਸਮੇਂ ਕੀਤੀ ਗਈ। ਵਿਸ਼ੇਸ਼ ਡੀਜੀਪੀ (ਕਾਨੂੰਨ ਵਿਵਸਥਾ) ਅਰਪਿਤ ਸ਼ੁਕਲਾ ਦੇ ਅਨੁਸਾਰ 1,300 ਪੁਲੀਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਵੀਰਵਾਰ ਨੂੰ ਸੂਬੇ ਭਰ ਵਿੱਚ 460 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਕੁੱਲ 79 ਐਫਆਈਆਰ’ਜ਼ ਦਰਜ ਕੀਤੀਆਂ ਗਈਆਂ।
