ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਲੈ ਕੇ ਭਾਜਪਾ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ-ਅਕਾਲੀ ਸਰਕਾਰ ਨੇ ਨਸ਼ੇ ਦਾ ਬੀਜ ਪੰਜਾਬ ‘ਚ ਬੀਜਿਆ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਨੇ ਸਨਸਨੀਖੇਜ਼ ਖ਼ੁਲਾਸਾ ਕਰਦਿਆਂ ਕਿਹਾ ਕਿ ਕਈ ਵੱਡੇ ਭਾਜਪਾ ਆਗੂਆਂ ਦੇ ਨਸ਼ਾ ਤਸਕਰਾਂ ਨਾਲ ਡੂੰਘੇ ਰਿਸ਼ਤੇ ਹਨ। ਜਿੱਥੇ ਪੂਰਾ ਪੰਜਾਬ ਨਸ਼ਿਆਂ ਖ਼ਿਲਾਫ਼ ਇਕਜੁੱਟ ਹੈ, ਉੱਥੇ ਹੀ ਭਾਜਪਾ ਨਸ਼ਾ ਤਸਕਰਾਂ ਨੂੰ ਬਚਾਉਣ ‘ਚ ਜੁੱਟੀ ਹੋਈ ਹੈ।
ਕੰਗ ਨੇ ਕਿਹਾ ਕਿ ਸਰਕਾਰ ਨੇ ਇਹ ਕਿਹਾ ਹੈ ਕਿ ਜੇਕਰ ਕੋਈ ਨਸ਼ਾ ਤਸਕਰ ਗ੍ਰਿਫ਼ਤਾਰ ਹੁੰਦਾ ਹੈ ਤਾਂ ਉਸ ਦੀ ਜ਼ਮਾਨਤ ਨਾ ਕਰਵਾਈ ਜਾਵੇ ਪਰ ਪਟਿਆਲਾ ਤੋਂ ਭਾਜਪਾ ਕੌਂਸਲਰ ਨੇ ਨਸ਼ਾ ਤਸਕਰਾਂ ਦੀ ਜ਼ਮਾਨਤ ਲਈ ਬੇਲ ਬਾਂਡ ਭਰਿਆ ਹੈ।
ਉਨ੍ਹਾਂ ਨੇ ਭਾਜਪਾ ‘ਤੇ ਵਰ੍ਹਦਿਆਂ ਕਿਹਾ ਕਿ ਭਾਜਪਾ ਅਤੇ ਨਸ਼ਾ ਮਾਫ਼ੀਆ ‘ਚ ਗਠਜੋੜ ਹੈ ਪਰ ਆਮ ਆਦਮੀ ਪਾਰਟੀ ਇਸ ਗੱਲ ਨੂੰ ਲੈ ਕੇ ਦ੍ਰਿੜ ਹੈ ਕਿ ਪੰਜਾਬ ਨੂੰ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨਾ ਹੈ। ਕੰਗ ਨੇ ਕਿਹਾ ਕਿ ਭਾਜਪਾ ਨਹੀਂ ਚਾਹੁੰਦੀ ਕਿ ਪੰਜਾਬ ‘ਚੋਂ ਨਸ਼ੇ ਦੀ ਸਮੱਸਿਆ ਖ਼ਤਮ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਸਾਹਮਣੇ ਭਾਜਪਾ ਦਾ ਚਿਹਰਾ ਬੇਨਕਾਬ ਹੋ ਗਿਆ ਹੈ।