ਜਲੰਧਰ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਜਮਾਤ ਦੀਆਂ ਮਈ/ਜੂਨ 2025 ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ, ਜਿਸ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਵਿਵੇਕ ਕੁਮਾਰ ਮੋਦੀ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਉਕਤ ਪ੍ਰੀਖਿਆਵਾਂ 29 ਮਈ 2025 ਤੋਂ 10 ਜੂਨ 2025 ਤੱਕ ਕਰਵਾਈਆਂ ਜਾ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਕ ਹੁਕਮ ਜਾਰੀ ਕੀਤਾ ਹੈ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 5 ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪੂਰਨ ਪਾਬੰਦੀ ਹੋਵੇਗੀ।
ਉਕਤ ਹੁਕਮ ਜਲੰਧਰ ਜ਼ਿਲ੍ਹੇ ਦੇ ਸਾਰੇ ਪ੍ਰੀਖਿਆ ਕੇਂਦਰਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਲਾਗੂ ਹੋਵੇਗਾ, ਜਿੱਥੇ ਇਹ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ। ਇਸ ਦਾ ਉਦੇਸ਼ ਪ੍ਰੀਖਿਆ ਦੌਰਾਨ ਸ਼ਾਂਤੀ, ਸੁਰੱਖਿਆ ਅਤੇ ਅਨੁਸ਼ਾਸਨ ਬਣਾਈ ਰੱਖਣਾ ਹੈ। ਇਸ ਦੇ ਨਾਲ ਹੀ ਉਕਤ ਹੁਕਮ 29 ਮਈ 2025 ਤੋਂ 10 ਜੂਨ 2025 ਤੱਕ ਲਾਗੂ ਰਹਿਣਗੇ। ਪ੍ਰਸ਼ਾਸਨ ਨੇ ਸਾਰੇ ਨਾਗਰਿਕਾਂ ਨੂੰ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਬੇਨਤੀ ਕੀਤੀ ਹੈ, ਤਾਂ ਜੋ ਪ੍ਰੀਖਿਆਵਾਂ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾ ਸਕਣ।