ਹਰਿਆਣਾ, 2 ਅਕਤੂਬਰ (ਦਲਜੀਤ ਸਿੰਘ)- ਹਰਿਆਣਾ ’ਚ ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਵੱਡੀ ਖ਼ਬਰ ਹੈ। ਪ੍ਰਦੇਸ਼ ’ਚ 11 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖ਼ਰੀਦ ਹੁਣ 11 ਨੂੰ ਨਹੀਂ ਸਗੋਂ ਭਲਕੇ ਯਾਨੀ 3 ਅਕਤੂਬਰ ਨੂੰ ਸ਼ੁਰੂ ਕੀਤੀ ਜਾਵੇਗੀ। ਇਹ ਜਾਣਕਾਰੀ ਹਰਿਆਣਾ ਦੇ ਮੁੱਖਮੰਤਰੀ ਮਨੋਹਰ ਲਾਲ ਖੱਟੜ ਨੇ ਖ਼ੁਦ ਦਿੱਤੀ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕੇਂਦਰੀ ਫੂਡ ਮੰਤਰੀ ਅਸ਼ਵਨੀ ਚੌਬੇ ਨਾਲ ਮੁਲਾਕਾਤ ਕਰਨ ਤੋਂ ਬਾਅਦ ਇਹ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਹਰਿਆਣਾ ’ਚ ਇਕ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਹੋਣੀ ਸੀ ਪਰ 30 ਸਤੰਬਰ ਨੂੰ ਕੇਂਦਰ ਸਰਕਾਰ ਵਲੋਂ ਜਾਰੀ ਆਦੇਸ਼ ’ਚ ਹਰਿਆਣਾ ਅਤੇ ਪੰਜਾਬ ’ਚ ਝੋਨੇ ਦੀ ਸਰਕਾਰੀ ਖ਼ਰੀਦ ਨੂੰ 11 ਅਕਤੂਬਰ ਤੋਂ ਸੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ।
ਇਸ ਨਿਰਦੇਸ਼ ਤੋਂ ਬਾਅਦ ਹਰਿਆਣਾ ’ਚ ਸਰਕਾਰੀ ਖ਼ਰੀਦ ਨੂੰ ਟਾਲ ਦਿੱਤਾ ਗਿਆ ਸੀ, ਜਿਸ ਕਾਰਨ ਮੰਡੀ ’ਚ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ’ਚ ਭਾਰੀ ਨਾਰਾਜ਼ਗੀ ਦੇਖਣ ਨੂੰ ਮਿਲੀ। ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਇਕ ਅਕਤੂਬਰ ਨੂੰ ਖ਼ਰੀਦ ਸ਼ੁਰੂ ਨਹੀਂ ਹੁੰਦੀ ਤਾਂ ਸਾਰੇ ਕਿਸਾਨ ਆਪਣੀ ਫ਼ਸਲ ਲੈ ਕੇ ਭਾਜਪਾ ਅਤੇ ਜਨਨਾਇਕ ਨਤਾ ਪਾਰਟੀ (ਜੇ.ਜੇ.ਪੀ.) ਦੇ ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਮੰਤਰੀਆਂ ਦੇ ਘਰ ਦਾ ਘਿਰਾਓ ਕਰਨਗੇ। ਜਿਸ ਤੋਂ ਬਾਅਦ ਅੱਜ ਯਾਨੀ ਸ਼ਨੀਵਾਰ ਨੂੰ ਪੂਰੇ ਪ੍ਰਦੇਸ਼ ’ਚ ਕਿਸਾਨਾਂ ਨੇ ਵਿਰੋਧ ਵਜੋਂ ਸਾਰੇ ਵਿਧਾਇਕਾਂ ਅਤੇ ਨੇਤਾਵਾਂ ਦੇ ਘਰਾਂ ਅੱਗੇ ਵਿਰੋਧ ਪ੍ਰਦਰਸ਼ਨ ਕੀਤਾ।