ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾ, CM Mann ਨੇ 14 ਨੁਕਾਤੀ ਐਕਸ਼ਨ ਪਲਾਨ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ : ਸੂਬੇ ਦੇ ਇਤਿਹਾਸ ‘ਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਪਾਣੀ ਦਾ ਪੱਧਰ ਉੱਪਰ ਚੁੱਕਣ ਲਈ ਏਕੀਕ੍ਰਿਤ ਸੂਬਾਈ ਜਲ ਯੋਜਨਾ ਦੇ ਹਿੱਸੇ ਵਜੋਂ 14 ਨੁਕਾਤੀ ਐਕਸ਼ਨ ਪਲਾਨ ਨੂੰ ਮਨਜ਼ੂਰੀ ਦੇ ਦਿੱਤੀ।

ਏਕੀਕ੍ਰਿਤ ਸੂਬਾਈ ਜਲ ਯੋਜਨਾ ਬਾਰੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲ ਸਰੋਤ ਵਿਭਾਗ ਵੱਲੋਂ ਇਹ ਯੋਜਨਾ ਸਾਰੇ ਪ੍ਰਮੁੱਖ ਵਿਭਾਗਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਤ ਬਹੁਤ ਬਾਰੀਕੀ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਥਿਤੀ ਬਹੁਤ ਚਿੰਤਾਜਨਕ ਹੈ ਕਿਉਂਕਿ ਕੁੱਲ 153 ਵਿੱਚੋਂ 115 ਬਲਾਕਾਂ ਵਿੱਚ ਧਰਤੀ ਹੇਠੋਂ ਵੱਧ ਪਾਣੀ ਕੱਢਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਵਿੱਚ ਪੂਰਾ ਧਿਆਨ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਵੱਖ-ਵੱਖ ਮੰਤਵਾਂ ਲਈ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਉਤੇ ਦਿੱਤਾ ਗਿਆ ਹੈ।

ਮੁੱਖ ਮੰਤਰੀ ਨੇ ਧਰਤੀ ਹੇਠੋਂ 5.2 ਬਿਲੀਅਨ ਕਿਊਬਿਕ ਮੀਟਰ ਪਾਣੀ ਕੱਢਣ ਕਾਰਨ ਪਾਣੀ ਦੇ ਪੱਧਰ ਵਿੱਚ ਸਾਲਾਨਾ ਔਸਤਨ 0.7 ਮੀਟਰ ਦੀ ਗਿਰਾਵਟ `ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਲਈ ਜ਼ਮੀਨੀ ਪਾਣੀ ਦੀ ਮੰਗ ਨੂੰ ਘਟਾ ਕੇ, ਸਿੰਜਾਈ ਤਕਨੀਕਾਂ ਵਿੱਚ ਸੁਧਾਰ ਕਰ ਕੇ, ਜ਼ਮੀਨੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਅਤੇ ਮਸਨੂਈ ਤੌਰ ਉਤੇ ਧਰਤੀ ਹੇਠ ਪਾਣੀ ਜੀਰਣ ਵਿੱਚ ਵਾਧੇ ਰਾਹੀਂ ਇਸ ਮੰਤਵ ਦੀ ਪ੍ਰਾਪਤੀ ਹੋ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਨਾਲ-ਨਾਲ ਹੋਰ ਟਿਕਾਊ ਸਰੋਤਾਂ ਦੀ ਭਾਲ, ਪਾਣੀ ਦੀ ਡੂੰਘਾਈ ਬਾਰੇ ਸਰਵੇਖਣ ਅਤੇ ਸਤਹੀ ਪਾਣੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਪਹਿਲਾਂ ਹੀ ਮੌਜੂਦਾ ਸਤਹੀ ਜਲ ਬੁਨਿਆਦੀ ਢਾਂਚੇ ਦੇ ਵਿਸਤਾਰ ਤੇ ਬਹਾਲੀ ਲਈ ਜ਼ੋਰ-ਸ਼ੋਰ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਹਰੇਕ ਟੇਲ ਉੱਤੇ ਪੈਂਦੇ ਖਪਤਕਾਰ ਤੱਕ ਪਾਣੀ ਪੁੱਜੇ ਅਤੇ ਇਸ ਸਿਧਾਂਤ ਉਪਰ ਚੱਲਦਿਆਂ ਸਰਕਾਰ ਨੇ 30-40 ਸਾਲਾਂ ਤੋਂ ਬੰਦ ਪਏ ਤਕਰੀਬਨ 63 ਹਜ਼ਾਰ ਕਿਲੋਮੀਟਰ ਰਜਬਾਹਿਆਂ ਨੂੰ ਪਹਿਲਾਂ ਹੀ ਸੁਰਜੀਤ ਕਰ ਦਿੱਤਾ ਹੈ। ਇਸ ਤੋਂ ਇਲਾਵਾ 30-40 ਸਾਲਾਂ ਤੋਂ ਬੰਦ ਪਈਆਂ 545 ਕਿਲੋਮੀਟਰ ਲੰਮੀਆਂ 79 ਨਹਿਰਾਂ ਨੂੰ ਵੀ ਸੁਰਜੀਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਏਕੀਕ੍ਰਿਤ ਸੂਬਾਈ ਜਲ ਯੋਜਨਾ ਦੇ ਹਿੱਸੇ ਵਜੋਂ 14 ਨੁਕਾਤੀ ਕਾਰਜ ਯੋਜਨਾ ਨੂੰ ਪ੍ਰਵਾਨਗੀ ਦਿੱਤੀ, ਜਿਸ ਵਿੱਚ ਖੇਤਾਂ ਵਿੱਚ ਪਾਣੀ ਦੀ ਸੋਚ-ਸਮਝ ਕੇ ਵਰਤੋਂ ਲਈ ਪ੍ਰਭਾਵਸ਼ਾਲੀ ਸਿੰਜਾਈ ਯੋਜਨਾ ਸ਼ਾਮਲ ਹੈ।

Leave a Reply

Your email address will not be published. Required fields are marked *