ਚੰਡੀਗੜ੍ਹ, 4 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਪ੍ਰਦਰਸ਼ਨ ਕਰ ਰਹੇ ਦੋ ਕਿਸਾਨਾਂ ਦੇ ਮਾਰੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਇਨ੍ਹਾਂ ਕਿਸਾਨਾਂ ਦੀ ਉਦੋਂ ਮੌਤ ਹੋ ਗਈ ਜਦੋਂ ਇੱਕ ਕੇਂਦਰੀ ਮੰਤਰੀ ਦੇ ਪੁੱਤਰ ਦੇ ਕਾਫਲੇ ਦੀ ਇੱਕ ਕਾਰ ਸਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਕਿਸਾਨਾਂ ਉੱਤੇ ਚੜ੍ਹ ਗਈ। ਇਥੋਂ ਜਾਰੀ ਬਿਆਨ ਵਿੱਚ ਉਪ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਦੀ ਇੱਕ ਟੀਮ ਲਖੀਮਪੁਰ ਖੇੜੀ ਭੇਜੀ ਹੈ ਤਾਂ ਜੋ ਉਕਤ ਮਾਮਲੇ ਨਾਲ ਸਬੰਧਤ ਢੁਕਵੀਂ ਜਾਣਕਾਰੀ ਜੁਟਾਈ ਜਾ ਸਕੇ ਅਤੇ ਪੀੜਤਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਜਾ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨ ਸੜਕ ਕਿਨਾਰੇ ਧਰਨਾ ਦੇ ਰਹੇ ਸਨ ਅਤੇ ਕੇਂਦਰੀ ਮੰਤਰੀ ਦੇ ਕਾਫਲੇ ਨੂੰ ਕਾਲੇ ਝੰਡੇ ਦਿਖਾ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਸਿਰਫ ਸੰਕੇਤਕ ਵਿਰੋਧ ਸੀ ਪਰ ਮੰਤਰੀ ਦੇ ਪੁੱਤਰ ਦੇ ਕਾਫਲੇ ਵਿੱਚ ਇੱਕ ਕਾਰ ਪ੍ਰਦਰਸ਼ਨਕਾਰੀਆਂ ਦੇ ਉਪਰੋਂ ਲੰਘ ਗਈ ਜਿਸ ਕਾਰਨ ਦੋ ਕਿਸਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ। ਪੰਜਾਬ ਦੇ ਉਪ ਮੁੱਖ ਮੰਤਰੀ ਨੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਅਤੇ ਉਨ੍ਹਾਂ ਵਿਰੁੱਧ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਭਾਜਪਾ ਨੇਤਾ ਦੇ ਹੱਥੋਂ ਕਿਸਾਨਾਂ ਦਾ ਬੇਰਹਿਮੀ ਨਾਲ ਕੀਤਾ ਕਤਲ ਹੈ ਜਦੋਂਕਿ ਕਿਸਾਨ ਸਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਸਨ।
ਰੰਧਾਵਾ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਲਈ ਇਹ ਪ੍ਰੀਖਿਆ ਦੀ ਘੜੀ ਹੈ । ਹੁਣ ਦੇਖਣਾ ਹੈ ਕਿ ਕੀ ਉਹ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਆਪਣੇ ਰਾਜ ਧਰਮ ਦਾ ਪਾਲਣ ਕਰਦੇ ਹੋਏ ਕਿਸਾਨਾਂ ਨਾਲ ਨਿਆਂ ਕਰਨਗੇ ਜਾਂ ਨਹੀਂ। ਪੀੜਤਾਂ ਨੂੰ ਨਿਆਂ ਦਾ ਵਾਅਦਾ ਕਰਦਿਆਂ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਹਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਏਗੀ। ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਪ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਕਿਸਾਨ ਆਗੂਆਂ ਦੇ ਸੰਪਰਕ ਵਿੱਚ ਸਨ, ਜੋ ਉਨ੍ਹਾਂ ਨੂੰ ਤਾਜ਼ਾ ਜਾਣਕਾਰੀ ਉਪਲਬਧ ਕਰਵਾ ਰਹੇ ਸਨ। ਉਨ੍ਹਾਂ ਕਿਹਾ ਕਿ ਇਨਾਂ ਦੋਵਾਂ ਕਿਸਾਨਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ ਅਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਵੀ ਆਪਣਾ ਜ਼ਿੱਦੀ ਰਵੱਈਆ ਛੱਡਣ ਦੀ ਅਪੀਲ ਕਰਦਿਆਂ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ।