ਰਮਨ ਬਹਿਲ ਨੇ ਲੁਧਿਆਣਾ ਜਿੱਤ ਨੂੰ ਦੱਸਿਆ ‘ਸੈਮੀਫਾਈਨਲ’, ਕਿਹਾ 2027 ‘ਚ ਫਾਈਨਲ ਵੀ ‘ਆਪ’ ਜਿੱਤੇਗੀ

ਗੁਰਦਾਸਪੁਰ- ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਰਿਕਾਰਡ ਜਿੱਤ ਦਰਜ ਕਰਕੇ ਇੱਕ ਵਾਰ ਫਿਰ ਸੂਬੇ ਵਿੱਚ ਆਮ ਆਦਮੀ ਪਾਰਟੀ ਦਾ ਝੰਡਾ ਬੁਲੰਦ ਕੀਤਾ ਹੈ। ਆਮ ਆਦਮੀ ਪਾਰਟੀ ਦੀ ਇਹ ਜਿੱਤ ਮਾਨ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਪੱਖੀ ਨੀਤੀਆਂ ਉੱਪਰ ਮੋਹਰ ਦੇ ਨਾਲ ਆਮ ਆਦਮੀ ਦੀ ਜਿੱਤ ਹੈ।

ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਗੁਰਦਾਸਪੁਰ ਵਿਖੇ ਆਪਣੇ ਨਿਵਾਸ ਸਥਾਨ ‘ਤੇ ਪਾਰਟੀ ਵਰਕਰਾਂ ਨਾਲ ਜਿੱਤ ਦੀਆਂ ਖ਼ੁਸ਼ੀਆਂ ਮਨਾਉਣ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੀ ਇਹ ਚੋਣ ਜਿੱਤਣ ਨਾਲ ਆਮ ਆਦਮੀ ਪਾਰਟੀ ਨੇ ਸੈਮੀਫਾਈਨਲ ਜਿੱਤ ਲਿਆ ਹੈ ਅਤੇ 2027 ਵਿੱਚ ਆਪ ਫਾਈਨਲ ਜਿੱਤ ਕੇ ਇੱਕ ਵਾਰ ਫਿਰ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨੂੰ ਵੱਡੀਆਂ ਸਹੂਲਤਾਂ ਦੇ ਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੇ ਭਰਪੂਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਦੇਣ ਤੋਂ ਇਲਾਵਾ ਜ਼ੀਰੋ ਬਿਜਲੀ ਬਿੱਲ ਦੀ ਸਹੂਲਤ, ਸਿਹਤ ਕ੍ਰਾਂਤੀ ਤਹਿਤ ਮਿਆਰੀ ਸਿਹਤ ਸੇਵਾਵਾਂ ਦੇਣਾ, ਆਮ ਆਦਮੀ ਕਲੀਨਿਕਾਂ ਦੀ ਸਥਾਪਤੀ, ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ, 50000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਂਕਰੀਆਂ ਦੇਣੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਸਮੇਤ ਹਰ ਵਰਗ ਦੀ ਬਿਹਤਰੀ ਲਈ ਕੰਮ ਕਰਕਨ ਦੇ ਨਾਲ ਸੂਬੇ ਦੇ ਸਰਬਪੱਖੀ ਵਿਕਾਸ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ, ਉਸ ਤੋਂ ਅਵਾਮ ਪੂਰੀ ਤਰਾਂ ਖ਼ੁਸ਼ ਅਤੇ ਸੰਤੁਸ਼ਟ ਹੈ।

Leave a Reply

Your email address will not be published. Required fields are marked *