ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਨਸ਼ਾ ਤਸਕਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਇਸ ਉੱਚ-ਪ੍ਰੋਫਾਈਲ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੂੰ ਤਲਬ ਕੀਤਾ ਗਿਆ ਸੀ। ਜਿਸ ਦੇ ਚੱਲਦਿਆਂ ਉਹ ਖੁਦ ਕਾਰ ਚਲਾ ਕੇ ਵਿਜੀਲੈਂਸ ਹੈਡਕੁਆਰਟਰ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਉਹ ਜਾਂਚ ਵਿਚ ਪੂਰਾ ਸਹਿਯੋਗ ਦੇਣਗੇ।
ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਵੀ ਦਿੱਤੀ ਜਾਣਕਾਰੀ
ਇਸ ਤੋਂ ਪਹਿਲਾਂ, ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਵੀ ਵਿਜੀਲੈਂਸ ਦਫ਼ਤਰ ਪਹੁੰਚ ਕੇ ਇਸ ਕੇਸ ਵਿੱਚ ਆਪਣੇ ਕਾਰਜਕਾਲ ਦੌਰਾਨ ਕੀਤੀ ਗਈ ਜਾਂਚ ਦਾ ਪੂਰਾ ਵੇਰਵਾ ਸਾਂਝਾ ਕਰ ਚੁੱਕੇ ਹਨ। ਉਨ੍ਹਾਂ ਨੇ ਸਪੱਸ਼ਟ ਰੂਪ ਵਿੱਚ ਦਾਅਵਾ ਕੀਤਾ ਹੈ ਕਿ ਬਿਕਰਮ ਮਜੀਠੀਆ ਦੇ ਨਸ਼ਾ ਤਸਕਰਾਂ ਨਾਲ ਸੰਪਰਕ ਦੇ ਪੁਖਤਾ ਸਬੂਤ ਉਨ੍ਹਾਂ ਕੋਲ ਹਨ ਅਤੇ ਉਨ੍ਹਾਂ ਨੂੰ ਵਿੱਤੀ ਲਾਭ ਵੀ ਪਹੁੰਚਾਇਆ ਗਿਆ। ਚਟੋਪਾਧਿਆਏ ਨੇ ਦੱਸਿਆ ਕਿ 2021 ਵਿੱਚ ਜਦੋਂ ਇਹ ਕੇਸ ਦਰਜ ਹੋਇਆ ਸੀ, ਉਦੋਂ ਉਹ ਡੀ.ਜੀ.ਪੀ. ਦੇ ਅਹੁਦੇ ‘ਤੇ ਸਨ ਅਤੇ ਉਨ੍ਹਾਂ ਨੇ ਇਸ ਦੀ ਨਿਗਰਾਨੀ ਕੀਤੀ ਸੀ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਵਿੱਚ ਕਿਹਾ ਕਿ ਉਹ ਬਿਆਨ ਦਰਜ ਕਰਾਉਣ ਨਹੀਂ ਆਏ ਸਨ, ਬਲਕਿ ਵਿਜੀਲੈਂਸ ਟੀਮ ਨੂੰ ਕੇਸ ਦਾ ਪੂਰਾ ਪਿਛੋਕੜ ਦੱਸਣ ਲਈ ਆਏ ਸਨ ਤਾਂ ਜੋ ਅਦਾਲਤ ਵਿੱਚ ਇਸ ਨੂੰ ਮਜ਼ਬੂਤੀ ਨਾਲ ਪੇਸ਼ ਕੀਤਾ ਜਾ ਸਕੇ।
