SDM ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦੀ ਸਥਿਤੀ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਬੰਨ੍ਹਾਂ ਦੀ ਮਜ਼ਬੂਤੀ ਦੇ ਦਿੱਤੇ ਨਿਰਦੇਸ਼

ਫਿਰੋਜ਼ਪੁਰ: ਮੌਨਸੂਨ ਸੀਜ਼ਨ ਦੌਰਾਨ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਦੀ ਸੂਰਤ ਵਿਚ ਸੰਭਾਵੀ ਹੜ੍ਹਾਂ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ, ਤਾਂ ਜੋ ਅਜਿਹੇ ਹਾਲਾਤ ਨਾਲ ਸੁਚਾਰੂ ਢੰਗ ਨਾਲ ਨਜਿੱਠਿਆ ਜਾ ਸਕੇ ਅਤੇ ਲੋਕਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਾ ਹੋਵੇ।

ਇਹ ਪ੍ਰਗਟਾਵਾ ਐੱਸਡੀਐੱਮ ਫਿਰੋਜ਼ਪੁਰ ਗੁਰਮੀਤ ਸਿੰਘ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਕਾਲੂ ਵਾਲਾ, ਟੇਂਢੀ ਵਾਲਾ, ਨਿਹਾਲੇ ਵਾਲਾ, ਕਿਲਚੇ ਵਾਲਾ ਹੁਸੈਨੀ ਵਾਲਾ ਆਦਿ ਦਾ ਦੌਰਾ ਕਰਕੇ ਦਰਿਆ ਵਿਚ ਪਾਣੀ ਦੇ ਪੱਧਰ ਅਤੇ ਦਰਿਆ ਦੇ ਬੰਨ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਅਤੇ ਹਿਮਾਚਲ ਵਿਚ ਭਾਰੀ ਮੀਂਹ ਹੋਣ ਦੀ ਸੰਭਾਵਨਾ ਹੈ। ਇਸ ਲਈ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਜੇਕਰ ਹੜ੍ਹਾਂ ਵਰਗੇ ਹਾਲਾਤ ਬਣਦੇ ਹਨ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੀ ਸਥਿਤੀ ਨਾਲ ਨਿਪਟਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਤਲੁਜ ਦਰਿਆ ਦੇ ਨਾਲ-ਨਾਲ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਸ ਮੌਕੇ ਉਨ੍ਹਾਂ ਪਿੰਡਾਂ ਦੇ ਵਸਨੀਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਪਿੰਡ ਵਾਲਿਆਂ ਨੂੰ ਬੰਨ੍ਹਾਂ ਦੀ ਮਜ਼ਬੂਤੀ ਵਿਚ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਾਨਸੂਨ ਸੀਜ਼ਨ-2025 ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਬਾਰੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਿਸ਼ਤੀਆਂ, ਲਾਈਫ਼ ਜੈਕਟਾਂ, ਫਲੱਡ ਲਾਈਟਾਂ, ਸਰਚ ਲਾਈਟਾਂ ਆਦਿ ਦੇ ਪ੍ਰਬੰਧ, ਡਰੇਨੇਜ਼ ਅਤੇ ਸੀਵਰੇਜ਼ ਦੀ ਸਫ਼ਾਈ, ਜ਼ਿਲ੍ਹਾ ਪੱਧਰ ’ਤੇ ਅਤੇ ਸਬ-ਡਵੀਜ਼ਨ ਪੱਧਰ ’ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਜਾਣ ਬਾਰੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।ਇਸ ਮੌਕੇ ਤਹਿਸੀਲਦਾਰ ਫਿਰੋਜ਼ਪੁਰ ਹਰਮਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਡਰੇਨੇਜ਼ ਰਾਕੇਸ਼ ਸੋਨੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *