ਰਾਜਪਾਲ ਪੰਜਾਬ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਦੋਵਾਂ ਵਿਚਕਾਰ ਅਹਿਮ ਮਾਮਲਿਆਂ ’ਤੇ ਹੋਈ ਵਿਚਾਰ ਚਰਚਾ

ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸ੍ਰੀ ਕਟਾਰੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਉਨ੍ਹਾਂ ਦੇ ਰਿਹਾਇਸ਼ ਦਫ਼ਤਰ ਵਿਖੇ ਪੁੱਜ ਕੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਜਥੇਦਾਰ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਰਾਜਪਾਲ ਸ੍ਰੀ ਕਟਾਰੀਆ ਨੂੰ ਸਿਰੋਪਾਓ, ਲੋਈ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਮੁਲਾਕਾਤ ਦੌਰਾਨ ਸ੍ਰੀ ਕਟਾਰੀਆ ਅਤੇ ਜਥੇਦਾਰ ਗੜਗੱਜ ਵਿਚਕਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਤਾਬਦੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਕਾਨੂੰਨ, ਚਮਕੌਰ ਸਾਹਿਬ ਦੇ ਨੇੜੇ ਪੇਪਰ ਫੈਕਟਰੀ ਅਤੇ ਮੱਤੇਵਾੜਾ ਜੰਗਲ ਨੇੜੇ ਵੱਸਦੇ ਗ਼ਰੀਬ ਪਰਿਵਾਰਾਂ ਦੇ ਉਜਾੜੇ, ਪੰਜਾਬ ਅੰਦਰ ਪੁਲਿਸ ਮੁਕਾਬਲੇ, ਧਰਮ ਪਰਿਵਰਤਨ ਆਦਿ ਜਿਹੇ ਅਹਿਮ ਮਾਮਲਿਆਂ ਉੱਤੇ ਵਿਚਾਰਾਂ ਹੋਈਆਂ।

ਮੁਲਾਕਾਤ ਉਪਰੰਤ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਬਹੁਤ ਚੰਗੇ ਮਾਹੌਲ ਵਿੱਚ ਗੱਲਬਾਤ ਹੋਈ, ਜਿਸ ਦੌਰਾਨ ਉਨ੍ਹਾਂ ਕੋਲ ਉਠਾਏ ਗਏ ਮਾਮਲਿਆਂ ਨੂੰ ਰਾਜਪਾਲ ਨੇ ਗੌਰ ਨਾਲ ਸੁਣਿਆ ਅਤੇ ਲੋੜੀਂਦੀ ਕਾਰਵਾਈ ਦੀ ਗੱਲ ਆਖੀ। ਜਥੇਦਾਰ ਗੜਗੱਜ ਨੇ ਕਿਹਾ ਕਿ ਰਾਜਪਾਲ ਨੂੰ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਪੂਰੇ ਦੇਸ਼ ਅਤੇ ਵਿਸ਼ਵ ਵਿੱਚ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਅਜ਼ਾਦੀ ਦੇ ਸਿਧਾਂਤ ਨੂੰ ਦਰਸਾਉਂਦਿਆਂ ਚੰਗੇ ਤਰੀਕੇ ਨਾਲ ਮਨਾਈ ਜਾਣੀ ਚਾਹੀਦੀ ਹੈ। ਰਾਜਪਾਲ ਸ੍ਰੀ ਕਟਾਰੀਆ ਨੂੰ ਇਹ ਸੁਝਾਅ ਦਿੱਤਾ ਗਿਆ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਅਤੇ ਸਲਾਹ ਨਾਲ ਮਨਾਈ ਜਾਵੇ, ਕਿਉਂਕਿ ਇਹ ਸਿੱਖਾਂ ਦੀ ਨੁਮਾਇੰਦਾ ਕੇਂਦਰੀ ਧਾਰਮਿਕ ਸੰਸਥਾ ਹੈ ਜੋ ਗੁਰਮਤਿ ਸਮਾਗਮਾਂ ਵਿੱਚ ਸਿੱਖ ਰਵਾਇਤਾਂ, ਮਰਯਾਦਾ ਅਤੇ ਸਿਧਾਂਤਾਂ ਦੀ ਬਿਹਤਰ ਤਰਜਮਾਨੀ ਕਰਦੀ ਹੈ।

Leave a Reply

Your email address will not be published. Required fields are marked *