ਪੰਜਾਬ ਵਿਧਾਨ ਸਭਾ ਦੇ ਤੀਜੇ ਦਿਨ ਅੱਜ ਸਦਨ ਨੇ ਸਰਬ ਸੰਮਤੀ ਨਾਲ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਸੋਧ ਬਿੱਲ ਪਾਸ ਕਰ ਦਿੱਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਿੱਲ ਸਦਨ ’ਚ ਪੇਸ਼ ਕੀਤਾ। ਇਹ ਬਿੱਲ ਬਿਨ੍ਹਾਂ ਕਿਸੇ ਬਹਿਸ ਤੋ ਪਾਸ ਹੋ ਗਿਆ ਹੈ। ਉਧਰ ਬਿੱਲ ਪਾਸ ਹੋਣ ਮਗਰੋਂ ਸਦਨ ਇੱਕ ਘੰਟੇ ਲਈਮੁਲਤਵੀ ਕਰ ਦਿੱਤਾ ਗਿਆ।
ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੂਬੇ ਵਿੱਚ ਹੜਾਂ ਦੀਆਂ ਤਿਆਰੀਆਂ ਦਾ ਮੁੱਦਾ ਚੁੱਕਿਆ
ਪੰਜਾਬ ਵਿਧਾਨ ਸਭਾ ਵਿੱਚ ਤੀਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੂਬਾ ਸਰਕਾਰ ਵੱਲੋਂ ਹੜਾਂ ਨੂੰ ਲੈ ਕੇ ਕੀਤੀਆਂ ਗਈਆਂ ਤਿਆਰੀਆਂ ਬਾਰੇ ਸਵਾਲ ਕੀਤਾ। ਇਸ ਦੇ ਜਵਾਬ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਾਲ ਹੜਾਂ ਦਾ ਕੋਈ ਖਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਡੈਮਾਂ ਵਿੱਚ ਇਸ ਵਾਰ ਸਾਲ 2023 ਦੇ ਮੁਕਾਬਲੇ ਪਾਣੀ ਬਹੁਤ ਘੱਟ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਹੜਾਂ ਦੀ ਰੋਕਥਾਮ ਲਈ 204 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਨਾਲ ਪੰਜਾਬ ਦੇ ਸਾਰੇ ਨਦੀ ਤੇ ਨਾਲਿਆਂ ਦੀ ਸਫਾਈ ਕੀਤੀ ਗਈ ਹੈ।
ਮੰਤਰੀ ਮੰਡਲ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ
ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਅੱਜ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ, ਐਂਡ ਸਟਾਕਿਸਟਸ ਐਂਡ ਰਿਟੇਲਰ ਰੂਲਜ਼-2025 ਨੂੰ ਹਰੀ ਝੰਡੀ ਦੇ ਦਿੱਤੀ ਹੈ।
