ਜਲੰਧਰ : ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸ਼ੁੱਕਰਵਾਰ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਿਸਾਨਾਂ ਸਮੇਤ ਧੁੱਸੀ ਬੰਨ੍ਹ ਦਾ ਦੌਰਾ ਕੀਤਾ ਗਿਆ।
ਰਾਜ ਸਭਾ ਮੈਂਬਰ, ਜਿਨ੍ਹਾਂ ਨਾਲ ਐਸਡੀਐਮ ਆਦਮਪੁਰ ਵਿਵੇਕ ਕੁਮਾਰ ਮੋਦੀ ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵੀ ਮੌਜੂਦ ਸਨ, ਨੇ ਆਪਣੇ ਦੌਰੇ ਦੌਰਾਨ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਧੁੱਸੀ ਬੰਨ੍ਹ ਦੀਆਂ ਜਿਹੜੀਆਂ ਵੀ ਨੋਚਾਂ ਸੰਵੇਦਨਸ਼ੀਲ ਹਨ, ਉਨ੍ਹਾਂ ਨੂੰ ਤੁਰੰਤ ਮਜ਼ਬੂਤ ਕੀਤਾ ਜਾਵੇ ਤਾਂ ਜੋ ਜੇਕਰ ਕੋਈ ਹੜ੍ਹ ਵਰਗੇ ਹਾਲਾਤ ਪੈਦਾ ਹੁੰਦੇ ਹਨ ਤਾਂ ਬੰਨ੍ਹ ਨੂੰ ਕੋਈ ਨੁਕਸਾਨ ਨਾ ਪਹੁੰਚੇ।
ਸੰਤ ਸੀਚੇਵਾਲ ਵੱਲੋਂ ਅਧਿਕਾਰੀਆਂ ਸਮੇਤ ਦਰਿਆ ਦੇ ਨਾਲ ਲੱਗਦੇ ਪਿੰਡ ਜਿਆਣੀਆਂ, ਗੱਟਾ ਮੁੰਡੀ ਕੱਸੂ ਤੇ ਹੋਰ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਧੁੱਸੀ ਬੰਨ੍ਹ ’ਤੇ ਹੋਏ ਨਾਜਾਇਜ਼ ਕਬਜ਼ੇ ਹਟਾਉਣ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।
