ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Man) ਨੇ ਮੰਗਲਵਾਰ ਦੁਪਹਿਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ (SGPC President) ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਰੱਖਿਆ ਏਜੰਸੀਆਂ ਈਮੇਲ ਭੇਜਣ ਵਾਲੇ ਦੇ ਆਈਪੀ ਐਡਰੈੱਸ ਦੀ ਜਾਂਚ ਕਰ ਰਹੀਆਂ ਹਨ। ਮੁੱਖ ਦੋਸ਼ੀਆਂ ਦੇ ਨੇੜੇ ਪਹੁੰਚ ਗਏ ਹਨ। ਦੋਸ਼ੀ ਦੁਨੀਆ ਵਿੱਚ ਜਿੱਥੇ ਵੀ ਹੋਣ ਹਿਰਾਸਤ ਵਿੱਚ ਲਿਆ ਜਾਵੇਗਾ। ਅਸੀਂ ਇਹ ਵੀ ਪਤਾ ਲਗਾਵਾਂਗੇ ਕਿ ਇਸ ਪੂਰੀ ਘਟਨਾ ਪਿੱਛੇ ਕੌਣ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਲਈ ਸ਼੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸਾਦੇ ਕੱਪੜਿਆਂ ਵਿੱਚ ਪੁਲਿਸ ਤਾਇਨਾਤ ਹੈ ਅਤੇ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਸੀ ਕਿ ਉਨ੍ਹਾਂ ਨੂੰ ਪਹਿਲਾਂ ਆਉਣਾ ਚਾਹੀਦਾ ਸੀ। ਮੁੱਖ ਮੰਤਰੀ ਨੇ ਕਿਹਾ ਹੈ ਕਿ ਵਿਧਾਨ ਸਭਾ ਸੈਸ਼ਨ ਕਾਰਨ ਉਨ੍ਹਾਂ ਨੂੰ ਦੇਰ ਹੋਈ ਹੈ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਧਮਕੀਆਂ ਦੇ ਮਾਮਲੇ ਵਿੱਚ ਜਿਵੇਂ ਹੀ ਸੁਰਾਗ ਮਿਲਦੇ ਹਨ, ਸ਼੍ਰੋਮਣੀ ਕਮੇਟੀ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀਆਂ ਦੇ 10 ਈਮੇਲ ਪ੍ਰਾਪਤ ਹੋਏ ਹਨ। ਜਿਸ ਵਿੱਚ ਇੱਕ ਈਮੇਲ ਸੋਮਵਾਰ ਨੂੰ ਵੀ ਆਈ ਸੀ।
