ਨਵੀਂ ਦਿੱਲੀ, 6 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਕਰੀਬ ਅੱਧਾ ਘੰਟਾ ਦੋਵਾਂ ਨੇਤਾਵਾਂ ਦਰਮਿਆਨ ਗੱਲਬਾਤ ਹੋਈ। ਮੀਟਿੰਗ ‘ਚ ਪੰਜਾਬ ਦੇ ਮੁੱਖ ਮੰਤਰੀ ਚੰਨੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਗਈ। ਉਨ੍ਹਾਂ ਵੱਲੋਂ ਸੂਬੇ ਵਿੱਚ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਨਾਜਾਇਜ਼ ਤਸਕਰੀ ਰੋਕਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿੱਜੀ ਦਖਲ ਦੀ ਮੰਗ ਕਰਦੇ ਹੋਏ ਸਰਹੱਦਾਂ ਸੀਲ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਕਦਮ ਨਾਲ ਨਸ਼ਿਆਂ ਦੀ ਸਪਲਾਈ ਦਾ ਲੱਕ ਤੋੜਨ ਵਿੱਚ ਮਦਦ ਮਿਲੇਗੀ।
ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਮਗਰੋਂ ਪਹਿਲੀ ਵਾਰ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੇ ਇਥੇ ਸਥਿਤ ਨਿਵਾਸ ਸਥਾਨ ’ਤੇ ਅੱਜ ਸ਼ਾਮ ਮੁਲਾਕਾਤ ਕੀਤੀ। ਮੀਟਿੰਗ ਤੋਂ ਤੁਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਉਮੀਦ ਜਾਹਿਰ ਕੀਤੀ ਕਿ ਉਨ੍ਹਾਂ ਨੂੰ ਅੱਜ ਸੁਖਾਵੇਂ ਮਾਹੌਲ ਵਿੱਚ ਹੋਈ ਗੱਲਬਾਤ ਤੋਂ ਬਾਅਦ ਇਸਦੇ ਉਸਾਰੂ ਸਿੱਟੇ ਨਿਕਲਣ ਦੀ ਆਸ ਹੈ।