ਟਾਂਡਾ ਉੜਮੁੜ – ਪੰਜਾਬ ਵਿਚ ਦੇਰ ਰਾਤ ਤੋਂ ਸ਼ੁਰੂ ਹੋਈ ਬਾਰਿਸ਼ ਨਾਲ ਜਨ ਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਪੰਜਾਬ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਸੀ। ਦੇਰ ਰਾਤ ਤੋਂ ਸ਼ੁਰੂ ਹੋਈ ਮੋਹਲੇਧਾਰ ਬਾਰਿਸ਼ ਲਗਾਤਾਰ ਜਾਰੀ ਹੈ, ਜਿਸ ਕਾਰਨ ਬਾਰਿਸ਼ ਦੇ ਚਲਦਿਆਂ ਹਾਲਾਤ ਬਦ ਤੋਂ ਬਦਤਰ ਹੋ ਰਹੇ ਹਨ। ਦੱਸਣਯੋਗ ਹੈ ਕਿ ਲਗਾਤਾਰ ਹੋਈ ਬਾਰਿਸ਼ ਕਾਰਨ ਜਿੱਥੇ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ, ਉੱਥੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਵੀ ਵਧੀਆਂ ਹਨ। ਇਸ ਦੇ ਨਾਲ ਹਰੀ ਸਾਉਣੀ ਦੀ ਪ੍ਰਮੁੱਖ ਫ਼ਸਲ ਝੋਨੇ ਦੀ ਫ਼ਸਲ ਦਾ ਵੀ ਨੁਕਸਾਨ ਹੋ ਸਕਦਾ ਹੈ।
ਉਧਰ ਦੂਜੇ ਪਾਸੇ ਬਿਆਸ ਦਰਿਆ ਦਾ ਪਾਣੀ ਓਵਰਫਲੋਅ ਹੋਣ ਕਾਰਨ ਨੇੜਲੇ ਕਈ ਪਿੰਡਾਂ ਨੂੰ ਆਪਣੀ ਚਪੇਟ ‘ਚ ਲੈ ਚੁੱਕਾ ਹੈ, ਜਿਸ ਕਾਰਨ ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਆ ਸਥਾਨਾਂ ‘ਤੇ ਜਾਣ ਲਈ ਮਜਬੂਰ ਹੋਣਾ ਪਿਆ ਹੈ। ਦੂਜੇ ਪਾਸੇ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲ ਨਾਲ ਮਿਲ ਕੇ ਜਿੱਥੇ ਪ੍ਰਭਾਵਿਤ ਇਲਾਕਿਆਂ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਹੜਾਂ ਵਿੱਚ ਫਸੇ ਹੋਏ ਲੋਕਾਂ ਦਾ ਰੈਸਕਿਊ ਕਰਕੇ ਉਨ੍ਹਾਂ ਨੂੰ ਸੁਰੱਖਿਤ ਸਥਾਨਾਂ ‘ਤੇ ਪਹੁੰਚਾਉਣ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ।
