ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਕਮਿਸ਼ਨ ਨੂੰ ਆਮ ਆਦਮੀ ਪਾਰਟੀ (ਆਪ) ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਗਾਮੀ ਵਿਧਾਨ ਸਭਾ ਚੋਣਾਂ ਭ੍ਰਿਸ਼ਟ, ਗ਼ੈਰ-ਸੰਵਿਧਾਨਕ ਤੇ ਗ਼ੈਰ-ਕਾਨੂੰਨੀ ਤਰੀਕੇ ਨਾਲ ਲੜ ਕੇ ਸੂਬੇ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀ ਹੈ।
ਚੋਣ ਕਮਿਸ਼ਨ ਨੂੰ ਲਿਖੇ ਪੱਤਰ ਵਿਚ ਬਾਦਲ ਨੇ ਕਿਹਾ ਕਿ ਪਾਰਟੀ ਦੀ ਮਹਿਲਾ ਵਿੰਗ ਦੀ ਮੀਟਿੰਗ ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੀ ਹਾਜ਼ਰ ਸਨ, ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ‘ਆਪ’ ਕੇਡਰ ਨੂੰ ਭ੍ਰਿਸ਼ਟ ਤੇ ਹਿੰਸਕ ਤਰੀਕੇ ਵਰਤਣ ਲਈ ਉਕਸਾਇਆ ਸੀ।
ਸਿਸੋਦੀਆ ਨੇ ਪਾਰਟੀ ਕੇਡਰ ਨੂੰ ਭੜਕਾਇਆ ਕਿ ਉਹ ਪੰਜਾਬ ਵਿਚ ਚੋਣਾਂ ਜਿੱਤਣ ਲਈ ਝੂਠ ਬੋਲਣ, ਝੂਠੇ ਵਾਅਦੇ ਕਰਨ, ਗ਼ੈਰ-ਕਾਨੂੰਨੀ ਤਰੀਕੇ ਨਾਲ ਵੋਟਰਾਂ ਨੂੰ ਭਰਮਾਉਣ ਅਤੇ ਕਿਸੇ ਵੀ ਹੱਦ ਤੱਕ ਜਾਣ ਦੀ ਗੱਲ ਕਹੀ ਹੈ।
ਬਾਦਲ ਨੇ ਕਿਹਾ ਕਿ ਅਜਿਹੇ ਭਾਸ਼ਣ ਲਈ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਸੋਦੀਆ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਬਾਹਰ ਹਨ। ਉਨ੍ਹਾਂ ਸਬੰਧਤ ਅਦਾਲਤ ਨੂੰ ਉਨ੍ਹਾਂ ਦੀ ਜ਼ਮਾਨਤ ਰੱਦ ਕਰਨ ਦੀ ਸਿਫ਼ਾਰਸ਼ ਕਰਨ ਦੀ ਵੀ ਮੰਗ ਕੀਤੀ ਹੈ। ਇਨ੍ਹਾਂ ਕਾਰਵਾਈਆਂ ਲਈ ਲੋਕ ਪ੍ਰਤੀਨਿਧ ਐਕਟ 1951 ਦੀ ਧਾਰਾ 123 (1) ਆਰ ਪੀ ਏ, 1951 (ਰਿਸ਼ਵਤਖੋਰੀ), ਧਾਰਾ 123 (2) ਆਰ ਪੀ ਏ, 1951 (ਬੇਲੋੜੇ ਤਰੀਕੇ ਨਾਲ ਪ੍ਰਭਾਵਤ ਕਰਨਾ) ਅਤੇ ਧਾਰਾ 123 (3 ਏ) ਆਰ ਪੀ ਏ 1951 (ਵੈਰ ਭਾਵਨਾ ਉਕਸਾਉਣ) ਤਹਿਤ ਕਾਰਵਾਈ ਕਰਨੀ ਬਣਦੀ ਹੈ।
ਬਾਦਲ ਕਿਹਾ ਕਿ ਪੰਜਾਬ ਨੇ ਇਕ ਦਹਾਕੇ ਤੱਕ ਅੱਤਵਾਦ ਦਾ ਸੰਤਾਪ ਹੰਢਾਇਆ ਹੈ। ਪਾਰਟੀ ਦੇ ਪ੍ਰਧਾਨ ਮਰਹੂਮ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਆਪਣੀ ਜਾਨ ਦੇਣੀ ਪਈ ਹੈ। ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਵਰਗੇ ਲੋਕ ਸੂਬੇ ਵਿਚ ਅਰਾਜਕਤਾ ਫੈਲ਼ਾ ਕੇ ਫਿਰਕੂ ਕੁੜੱਤਣ ਪੈਦਾ ਕਰਨਾ ਚਾਹੁੰਦੇ ਹਨ। ਇਹੀ ਕਾਰਨ ਹੈ ਕਿ ਉਨ੍ਹਾਂ ਆਪਣੇ ਕੇਡਰ ਨੂੰ ਆਉਂਦੀਆਂ ਚੋਣਾਂ ਵਿਚ ਹਿੰਸਕ ਤਰੀਕੇ ਵਰਤਣ ਲਈ ਭੜਕਾਇਆ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਾ ਤੁਰੰਤ ਨੋਟਿਸ ਲੈਣ ਅਤੇ ਸਿਸੋਦੀਆ ਤੇ ਆਮ ਆਦਮੀ ਪਾਰਟੀ ਖ਼ਿਲਾਫ਼ ਸਖ਼ਤ ਸਜ਼ਾ ਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਸੋਦੀਆ ਖ਼ਿਲਾਫ਼ ਲੋਕ ਪ੍ਰਤੀਨਿਧ ਐਕਟ ਤਹਿਤ ਕੇਸ ਦਰਜ ਕਰਨ ਅਤੇ ਸਿਸੋਦੀਆ ਦੇ ਜਨਤਕ ਇਕੱਠਾਂ ਨੂੰ ਸੰਬੋਧਨ ਕਰਨ ਜਾਂ ਸਿਆਸੀ ਭਾਸ਼ਣ ਦੇਣ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ
