ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਤਿੰਨ ਸਾਲਾਂ ਦੌਰਾਨ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰ ਆਪਣੇ ਕਾਰਜਕਾਲ ਦੇ ਆਖਰੀ ਸਮੇਂ ’ਤੇ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਰਸਮੀ ਕਾਰਵਾਈ ਕਰਦੀਆਂ ਸਨ।
ਮੁੱਖ ਮੰਤਰੀ ਨੇ ਅੱਜ ਵੱਖ-ਵੱਖ ਵਿਭਾਗਾਂ ਵਿਚ 271 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਬਿਨਾਂ ਕਿਸੇ ਸਿਫਾਰਸ਼ ਤੋਂ ਆਪਣੀ ਯੋਗਤਾ ਦੇ ਆਧਾਰ ’ਤੇ ਇਹ ਨੌਕਰੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ 55,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਭਰਤੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਨੌਕਰੀਆਂ ਨੌਜਵਾਨਾਂ ਦੀ ਤਕਦੀਰ ਬਦਲ ਦੇਣਗੀਆਂ। ਉਨ੍ਹਾਂ ਕਿਹਾ ਕਿ ਇਹ ਜਗ੍ਹਾ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਨੌਕਰੀਆਂ ਦੇਣ ਦੇ ਸ਼ਾਨਦਾਰ ਸਫਰ ਦੀ ਗਵਾਹ ਬਣ ਕੇ ਉੱਭਰੀ ਹੈ। ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵੱਡੇ ਸਿਆਸੀ ਆਗੂਆਂ ਦੇ ਧੀਆਂ-ਪੁੱਤ ਪਹਾੜਾਂ ਦੇ ਕਾਨਵੈਂਟ ਸਕੂਲਾਂ ਵਿਚ ਪੜ੍ਹਦੇ ਸਨ, ਜਿਸ ਕਾਰਨ ਉਨ੍ਹਾਂ ਨੇ ਸਰਕਾਰੀ ਸਕੂਲਾਂ ਵੱਲ ਕਦੇ ਧਿਆਨ ਨਹੀਂ ਦਿੱਤਾ। ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਸਕੂਲ ਸਿੱਖਿਆ ਦੇਣ ਦੀ ਬਜਾਏ ਸਿਰਫ਼ ਮਿਡ ਡੇ ਮੀਲ ਸੈਂਟਰ ਬਣੇ ਹੋਏ ਸਨ।
