ਸੁਲਤਾਨਪੁਰ ਲੋਧੀ – ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ 538ਵੇਂ ਵਿਆਹ ਪੁਰਬ ਦੇ ਸੰਬੰਧ ਵਿੱਚ ਅਲੌਕਿਕ ਨਗਰ ਕੀਰਤਨ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਇਸ ਮੌਕੇ ਉਚੇਚੇ ਤੌਰ ਤੇ ਪੁੱਜੇ ਐਸਜੀਪੀਸੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਸਮੁੱਚੀ ਲੁਕਾਈ ਨੂੰ ਏਕਤਾ ਵਿੱਚ ਪਰੋਇਆ ਅਤੇ ਸਾਨੂੰ ਹੱਕ ਤੇ ਸੱਚ ਦੇ ਮਾਰਗ ਤੇ ਚੱਲਣ ਦਾ ਸੁਨੇਹਾ ਦਿੱਤਾ।
ਨਗਰ ਕੀਰਤਨ ਮੌਕੇ ਆਰੰਭਤਾ ਦੀ ਅਰਦਾਸ ਹੈਡ ਗ੍ਰੰਥੀ ਭਾਈ ਸਤਨਾਮ ਸਿੰਘ ਵੱਲੋਂ ਕੀਤੀ ਗਈ। ਮੁੱਖਵਾਕ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਪਾਲਕੀ ਸਾਹਿਬ ਵਿੱਚ ਐਸਜੀਪੀਸੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਵੱਲੋਂ ਸੁਸ਼ੋਭਿਤ ਕੀਤਾ ਗਿਆ। ਨਗਰ ਕੀਰਤਨ ਵਿੱਚ ਗੱਤਕਾ ਪਾਰਟੀਆਂ ਵੱਲੋਂ ਆਪਣੀ ਕਲਾ ਦੇ ਜੌਹਰ ਵਿਖਾਏ ਗਏ। ਨਗਰ ਕੀਰਤਨ ਦਾ ਵੱਖ ਵੱਖ ਥਾਵਾਂ ਤੇ ਫੁੱਲਾਂ ਦੀ ਵਰਖਾ ਕਰਕੇ ਸਮੁੱਚੇ ਇਲਾਕੇ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
