ਹੜ੍ਹਾਂ ਨਾਲ 100 ਫੀਸਦੀ ਨੁਕਸਾਨੇ ਘਰਾਂ ਤੇ ਹੋਈਆਂ ਮੌਤਾਂ ਦਾ ਮੁਆਵਜ਼ਾ ਤੁਰੰਤ ਜਾਰੀ ਹੋਵੇ, DC ਅੰਮ੍ਰਿਤਸਰ ਨੇ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਦਿੱਤੇ ਨਿਰਦੇਸ਼

ਅੰਮ੍ਰਿਤਸਰ: ਹੜ੍ਹਾਂ ਦੌਰਾਨ 100 ਫੀਸਦੀ ਨੁਕਸਾਨੇ ਘਰਾਂ ਅਤੇ ਹੋਈਆਂ ਮੌਤਾਂ ਦਾ ਮੁਆਵਜਾ਼ ਦੇਣ ਲਈ ਤੁਰੰਤ ਕਾਰਵਾਈ ਆਰੰਭੀ ਜਾਵੇ ਤਾਂ ਜੋ ਆਉਂਦੇ ਦਿਨਾਂ ਵਿਚ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦਿੱਤੀ ਜਾ ਸਕੇ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਜਨਾਲਾ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਨਾਗਰਿਕਾਂ ਲਈ ਰਾਹਤ ਅਤੇ ਮੁੜ ਵਸੇਬਾ ਯਤਨ ਪਹਿਲਾਂ ਹੀ ਆਰੰਭੇ ਜਾ ਚੁੱਕੇ ਹਨ। ਉਨ੍ਹਾਂ ਜ਼ਿਲ੍ਹਾ ਮਾਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਦੇ ਸਬੰਧਤ ਐਸ.ਡੀ.ਐਮਜ਼ ਅਤੇ ਹੋਰਨਾਂ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਮੁਆਵਜ਼ੇ ਅਤੇ ਰਾਹਤ ਸਮੱਗਰੀ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਆਮ ਨਾਗਰਿਕ ਇਸ ਰਾਹਤ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮਾਲ ਅਫ਼ਸਰ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਆਮ ਨਾਗਰਿਕਾਂ ਵੱਲੋਂ ਮੁਆਵਜ਼ੇ ਲਈ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ/ਕਲੇਮਜ਼ ਸਬੰਧੀ ਸਰਕਾਰ ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਕਾਰਵਾਈ ਤੇਜ਼ੀ ਨਾਲ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਫੌਰੀ ਰਾਹਤ ਪ੍ਰਦਾਨ ਕੀਤੀ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਵਿਚ ਹੜ੍ਹਾਂ ਦੇ ਪਾਣੀ ਦਾ ਪੱਧਰ ਹੁਣ ਘੱਟ ਰਿਹਾ ਹੈ ਪਰ ਨੀਂਵੇਂ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੋਣ ਕਰਕੇ ਕੀਟਾਣੂਆਂ ਅਤੇ ਗੰਦੇ ਪਾਣੀ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਖਦਸ਼ੇ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਨੂੰ ਤੁਰੰਤ ਰੋਕਥਾਮ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਨ੍ਹਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

Leave a Reply

Your email address will not be published. Required fields are marked *