ਲਖਨਊ, 8 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਲਖੀਮਪੁਰ ਖੀਰੀ ਦਾ ਦੌਰਾ ਕਰਨ ਲਈ ਲਖਨਊ ਹਵਾਈ ਅੱਡੇ ‘ਤੇ ਪਹੁੰਚ ਗਿਆ ਹੈ। ਅਕਾਲੀ ਦਲ ਦਾ ਇਹ ਵਫ਼ਦ ਹਾਲ ਹੀ ਵਿੱਚ ਕਾਲੇ ਕਾਨੂੰਨਾਂ ਦੇ ਵਿਰੋਧ ’ਚ ਧਰਨਾ ਪ੍ਰਦਰਸ਼ਨ ਦੇ ਰਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦੇਣ ਕਾਰਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇਗਾ। ਸ਼੍ਰੋਮਣੀ ਅਕਾਲੀ ਦਲ ਦੇ ਇਸ ਵਫ਼ਦ ’ਚ ਸਾਬਕਾ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਾਗੀਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ ਸ਼ਾਮਲ ਹਨ।
ਲਖਨਊ ਹਵਾਈ ਅੱਡੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਭਾਜਪਾ ਰਾਜ ਵਿੱਚ ਸੱਤਾਧਾਰੀਆਂ ਲਈ ਅਤੇ ਆਮ ਲੋਕਾਂ ਤੇ ਕਿਸਾਨਾਂ ਲਈ ਕਾਨੂੰਨੀ ਮਾਪਦੰਡ ਵੱਖੋ-ਵੱਖ ਹਨ। ਸਰਕਾਰ ਕਿਸਾਨਾਂ ਦੀ ਕੋਈ ਗੱਲ ਨਹੀਂ ਸੁਣ ਰਹੀ, ਜਿਸ ਕਾਰਨ ਹੁਣ ਕਿਸਾਨਾਂ ਨੂੰ ਮਾਰਿਆ ਜਾ ਰਿਹਾ ਹੈ। ਬੀਬੀ ਬਾਦਲ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਖੜ੍ਹੇ ਹਾਂ। ਇਸ ਮੌਕੇ ਬੀਬੀ ਬਾਦਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਇਸ ਹਾਦਸੇ ਦੇ ਤਿੰਨ ਦਿਨ ਪਹਿਲਾਂ ਕਿਸਾਨਾਂ ਨੂੰ ਸ਼ਰੇਆਮ ਧਮਕੀਆਂ ਦਿੱਤੀਆਂ ਸਨ। ਕਿਸਾਨਾਂ ਨਾਲ ਦਰਿੰਦਗੀ ਕਰਨ ਵਾਲੇ ਭਾਜਪਾ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ, ਸਰਕਾਰੀ ਨੌਕਰੀ ਅਤੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਵਾਏ।