ਮਜੀਠਾ: ਪੰਜਾਬ ਸਰਕਾਰ ਦੀਆਂ ਨਾਲਾਇਕੀਆਂ ਅਤੇ ਆਪਹੁਦਰੀਆਂ ਦਾ ਖਾਮਿਆਜਾ ਪੰਜਾਬ ਦੇ ਲੋਕ ਹੜ੍ਹਾਂ ਦੀ ਮਾਰ ਝੱਲ ਕੇ ਭੁਗਤ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਜਨਾਲਾ ਦੇ ਹਲਕਾ ਇੰਚਾਰਜ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਗੱਲਬਾਤ ਕਰਦਿਆਂ ਕੀਤਾ।
ਸਮਰਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀ ਪਾਰਟੀ ਦੇ ਅੰਦਰੂਨੀ ਕਾਟੋ ਕਲੇਸ਼ ਵਿਚ ਹੀ ਰੁੱਝੀ ਹੋਈ ਹੈ ਜਾਂ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਸਿਆਸੀ ਕਿੜ੍ਹਾ ਕੱਢਣ ਵਿਚ ਹੀ ਰੁੱਝੀ ਹੋਈ ਹੈ। ਪੰਜਾਬ ਅਤੇ ਪੰਜਾਬ ਦੇ ਹਿੱਤਾਂ ਦੀ ਆਮ ਆਦਮੀ ਪਾਰਟੀ ਨੂੰ ਕੋਈ ਪ੍ਰਵਾਹ ਨਹੀਂ। ਉਨ੍ਹਾਂ ਕਿਹਾ ਕਿ ਅਗਰ ਸਮਾਂ ਰਹਿੰਦਿਆਂ ਪੰਜਾਬ ਦੇ ਸਾਰੇ ਦਰਿਆਵਾਂ, ਨਹਿਰਾਂ ਦੀ ਖਲਾਈ ਕਰਵਾਈ ਜਾਂਦੀ ਅਤੇ ਦਰਿਆਵਾਂ ਦੇ ਬੰਨ੍ਹ ਮਜਬੂਤ ਕੀਤੇ ਹੁੰਦੇ ਤਾਂ ਹੋਈਆਂ ਭਾਰੀ ਬਰਸਾਤਾਂ ਨਾਲ ਪੰਜਾਬ ਵਿਚ ਇੰਨੀ ਤਬਾਹੀ ਨਹੀਂ ਹੋਣੀ ਸੀ।
ਸਮਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਾਰਟੀ ਦੇ ਹਜ਼ਾਰਾਂ ਵਰਕਰ ਦਿਨ ਰਾਤ ਇਕ ਕਰਕੇ ਪੰਜਾਬ ਦੇ ਹੜ੍ਹ ਪੀੜ੍ਹਤਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰ ਰਹੇ ਹਨ। ਪਾਰਟੀ ਪ੍ਰਧਾਨ ਆਪ ਹੜ੍ਹਾਂ ਵਾਲੇ ਇਲਾਕਿਆਂ ਵਿਚ ਜਾ ਕੇ ਲੋਕਾਂ ਨਾਲ ਦੁੱਖ ਸਾਂਝਾ ਕਰ ਰਹੇ ਹਨ ਅਤੇ ਮਾਲੀ ਮਦਦ ਕਰ ਰਹੇ ਹਨ। ਸਮਰਾ ਨੇ ਪੰਜਾਬ ਸਰਕਾਰ ਪਾਸੋਂ ਹੜ੍ਹਾਂ ਨਾਲ ਤਬਾਹ ਹੋਈਆਂ ਫਸਲਾਂ ਦਾ ਘੱਟ ਤੋਂ ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜੇ ਦੀ ਮੰਗ ਕੀਤੀ।
