ਗੰਨਾ ਕਿਸਾਨਾਂ ਦੇ ਨੁਮਾਇੰਦਿਆਂ ਨਾਲ ਵਿੱਤ ਮੰਤਰੀ ਦੀ ਹੋਈ ਮੀਟਿੰਗ, ਬਕਾਇਆ ਰਾਸ਼ੀ ਜਲਦ ਜਾਰੀ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਗੰਨਾ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਨਿੱਜੀ ਮਿੱਲਾਂ ਦੁਆਰਾ ਖਰੀਦੇ ਗਏ ਉਨ੍ਹਾਂ ਦੇ ਗੰਨੇ ਦੀ ਕੀਮਤ ਵਿੱਚ ਪੰਜਾਬ ਸਰਕਾਰ ਦੇ ਹਿੱਸੇ ਦੀ ਬਕਾਇਆ ਰਾਸ਼ੀ ਜਲਦੀ ਤੋਂ ਜਲਦੀ ਜਾਰੀ ਕਰ ਦਿੱਤੀ ਜਾਵੇਗੀ। ਇਸ ਦੌਰਾਨ ਕਿਸਾਨ ਸੰਗਠਨਾਂ ਨੇ ਇਸ ਮੀਟਿੰਗ ਅਤੇ ਭਰੋਸੇ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ।

ਇੱਥੇ ਆਪਣੇ ਦਫ਼ਤਰ ਵਿਖੇ ਗੰਨਾ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੇਤੀਬਾੜੀ ਭਾਈਚਾਰੇ ਦੀ ਭਲਾਈ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਅਦਾਇਗੀਆਂ ਵਿੱਚ ਕਿਸੇ ਵੀ ਦੇਰੀ ਕਾਰਨ ਗੰਨਾ ਉਤਪਾਦਕਾਂ ਨੂੰ ਹੋਣ ਵਾਲੀਆਂ ਵਿੱਤੀ ਮੁਸ਼ਕਲਾਂ ਨੂੰ ਸਮਝਦਿਆਂ ਭਰੋਸਾ ਦਿੱਤਾ ਕਿ ਸਰਕਾਰ ਬਕਾਇਆ ਅਦਾਇਗੀਆਂ ਦੀ ਅਦਾਇਗੀ ਲਈ ਜਲਦੀ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਮਿਲੇ।

ਗੰਨਾ ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ, ਵਿੱਤ ਮੰਤਰੀ ਨੇ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼, ਫਰੀਡਮ ਫਾਈਟਰਜ਼ ਉਤਰਾਧਿਕਾਰੀ ਸੰਸਥਾ ਅਤੇ ਦੰਗਾ ਪੀੜ੍ਹਤ ਵੈਲਫੇਅਰ ਸੁਸਾਇਟੀ ਸਮੇਤ ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗਾਂ ਇਨ੍ਹਾਂ ਜਥੇਬੰਦੀਆਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ‘ਤੇ ਕੇਂਦ੍ਰਿਤ ਸਨ। ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਇੰਨ੍ਹਾਂ ਆਗੂਆਂ ਵੱਲੋਂ ਪੇਸ਼ ਕੀਤੀਆਂ ਸਾਰੀਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।

Leave a Reply

Your email address will not be published. Required fields are marked *