ਚੰਡੀਗੜ੍ਹ, 9 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਐਡਵੋਕੇਟ ਮਹਿਕਪ੍ਰੀਤ ਕੌਰ ਖ਼ਾਲਸਾ ਨੂੰ ਇਸਤਰੀ ਯੂਥ ਵਿੰਗ ਦੀ ਪ੍ਰਧਾਨ ਅਤੇ ਐਡਵੋਕੇਟ ਚਰਨਜੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੀਮਤੀ ਦਿਵਿਆ ਪ੍ਰਿਆ ਨੂੰ ਇਸਤਰੀ ਅਕਾਲੀ ਦਲ ਪਟਿਆਲਾ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਪ੍ਰਧਾਨ ਬੀਬੀ ਹਰਜੀਤ ਕੌਰ ਤਲਵੰਡੀ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਤ ਕੀਤਾ।ਪਾਰਟੀ ਦੇ ਮੁੱਖ ਦਫ਼ਤਰ ਵਿੱਚ ਰੱਖੀ ਪੱਤਰਕਾਰ ਮਿਲਣੀ ਦੌਰਾਨ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਰਵਾਇਤੀ ਪਾਰਟੀਆਂ ਦਾ ਡਟ ਕੇ ਮੁਕਾਬਲਾ ਕਰੇਗਾ ਅਤੇ ਇਸਦੇ ਲਈ ਸਮੁੱਚੇ ਪੰਜਾਬ ਵਿੱਚ ਜਿ਼ਲ੍ਹਾ ਪੱਧਰ `ਤੇ ਇਸਤਰੀ ਯੂਥ ਵਿੰਗ ਵਿੱਚ ਨੌਜਵਾਨਾਂ ਨੂੰ ਵੱਡੀਆਂ ਜਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਬੀਬੀ ਗੁਲਸ਼ਨ ਨੇ ਕਿਹਾ ਕਿ ਐਡਵੋਕੇਟ ਮਹਿਕਪ੍ਰੀਤ ਕੌਰ ਮਿਹਨਤੀ ਅਤੇ ਇਮਾਨਦਾਰ ਅਤੇ ਨੌਜਵਾਨਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਯੂਥ ਆਗੂ ਹਨ ਜੋ ਸਮੁੱਚੇ ਪੰਜਾਬ ਵਿੱਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਇਸਤਰੀ ਯੂਥ ਵਿੰਗ ਦੀਆਂ ਸਰਗਰਮੀਆਂ ਵਧਾਉਣਗੇ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਣੂ ਕਰਵਾਉਣਗੇ।
ਬੀਬੀ ਹਰਜੀਤ ਕੌਰ ਤਲਵੰਡੀ ਨੇ ਕਿਹਾ ਕਿ ਅੱਜ ਲੋੜ ਹੈ ਕਿ ਪੰਜਾਬ ਦੇ ਨੌਜਵਾਨ ਵਿਸ਼ੇਸ਼ ਤੌਰ `ਤੇ ਲੜਕੀਆਂ ਨੂੰ ਸਰਗਰਮ ਰਾਜਨੀਤੀ ਦਾ ਹਿੱਸਾ ਬਣਾਇਆ ਜਾਵੇ ਅਤੇ ਉਹ ਆਪਣੀ ਉਰਜਾ ਅਤੇ ਸ਼ਕਤੀ ਦਾ ਸਹੀ ਇਸਤੇਮਾਲ ਕਰਕੇ ਕੌਮੀ ਅਤੇ ਸੂਬਾ ਪੱਧਰ `ਤੇ ਰਾਜਨੀਤਕ, ਸਮਾਜਿਕ ਅਤੇ ਆਰਥਿਕ ਬਦਲਾਅ ਲਿਆ ਕੇ ਨਵੇਂ ਕੀਰਤੀਮਾਨ ਸਥਾਪਿਤ ਕਰਨ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪਾਰਟੀ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਦੀ ਸਰਗਰਮ ਰਾਜਨੀਤੀ ਵਿੱਚ ਭਾਗੀਦਾਰੀ ਵਧਾਉਣ ਲਈ ਉਨ੍ਹਾਂ ਨੂੰ ਵੱਡੀਆਂ ਜਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਪੱਤਰਕਾਰਾਂ ਵੱਲੋਂ ਲਖੀਮਪੁਰ ਖੀਰੀ ਵਿੱਚ ਵਾਪਰੀ ਦਰਦਨਾਕ ਘਟਨਾ ਦੇ ਸਬੰਧ ਵਿੱਚ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ ਸ: ਢੀਂਡਸਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਪੀੜਤ ਕਿਸਾਨ ਪਰਿਵਾਰਾਂ ਨੂੰ ਇਨਸਾਫ਼ ਅਤੇ ਉਨ੍ਹਾਂ ਨੂੰ ਮਿਲਣ ਵਾਲੇ ਮੁਆਵਜੇ ਦੀ ਰਕਮ ਵਧਾਉਣ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਇਸਤਰੀ ਅਕਾਲੀ ਦਲ ਦੇ ਜਨਰਲ ਸਕੱਤਰ ਬੀਬੀ ਅਨੁਪਿੰਦਰ ਕੌਰ ਸੰਧੂ, ਸਲਾਹਕਾਰ ਬੀਬੀ ਸਵਰਾਜ ਕੌਰ ਘੁੰਮਣ, ਬੀਬੀ ਮਨਜੀਤ ਕੌਰ ਅਤੇ ਬੀਬੀ ਹਰਜੀਤ ਕੌਰ ਆਦਿ ਮੌਜੂਦ ਸਨ।