ਪੰਜਾਬ ਦੇ ਇਸ ਜ਼ਿਲ੍ਹੇ ਦੀ ਵਧਾਈ ਗਈ ਸੁਰੱਖਿਆ! ਲੱਗੇ ਹਾਈਟੈੱਕ ਨਾਕੇ, 500 ਤੋਂ ਵੱਧ ਮੁਲਾਜ਼ਮ ਤਾਇਨਾਤ

ਜਲੰਧਰ–ਤਿਉਹਾਰੀ ਸੀਜ਼ਨ ਦੇ ਨਜ਼ਦੀਕ ਆਉਂਦੇ ਹੀ ਸੂਬੇ ਭਰ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ. ਜੀ. ਪੀ. ਗੌਰਵ ਯਾਦਵ, ਆਈ. ਜੀ. ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਅਤੇ ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ, ਡੀ. ਆਈ. ਜੀ. ਰੇਂਜ ਅਤੇ ਐੱਸ. ਐੱਸ. ਪੀਜ਼ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਸੂਬੇ ਭਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

ਇਸੇ ਕੜੀ ਅਧੀਨ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ. ਜੀ. ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਤਿਉਹਾਰੀ ਸੀਜ਼ਨ ਦੇ ਨਜ਼ਦੀਕ ਆਉਂਦੇ ਹੀ ਕਮਿਸ਼ਨਰੇਟ ਪੁਲਸ ਦੇ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸ਼ਹਿਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸੀ. ਪੀ. ਧਨਪ੍ਰੀਤ ਕੌਰ ਨੇ ਦੱਸਿਆ ਕਿ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਸ਼ਹਿਰ ਵਿਚ 500 ਦੇ ਲਗਭਗ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਸ਼ੱਕੀ ਲੋਕਾਂ, ਚੋਰਾਂ-ਲੁਟੇਰਿਆਂ ਦੀ ਨਕੇਲ ਕੱਸਣ ਲਈ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕਿਆਂ ਤੇ ਸ਼ਹਿਰ ਦੇ ਅੰਦਰੂਨੀ ਬਾਜ਼ਾਰਾਂ ਵਿਚ ਸਾਦੇ ਕੱਪੜਿਆਂ ਵਿਚ ਵੀ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ।

ਸੀ. ਪੀ. ਨੇ ਕਿਹਾ ਕਿ ਸ਼ਹਿਰ ਦੇ ਸਾਰੇ ਥਾਣਾ ਇੰਚਾਰਜਾਂ ਨੂੰ ਆਪਣੇ-ਆਪਣੇ ਇਲਾਕਿਆਂ ਵਿਚ ਸੰਵੇਦਨਸ਼ੀਲ ਸਥਾਨਾਂ ਦੀਆਂ ਲਿਸਟਾਂ ਤਿਆਰ ਕਰਕੇ ਉਥੇ ਨਾਕਾਬੰਦੀ ਕਰਨ ਅਤੇ ਸ਼ੱਕੀਆਂ ਦੀ ਨਕੇਲ ਕੱਸਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦੂਜੇ ਪਾਸੇ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਮੀ ਡਿਊਟੀ ਅਤੇ ਦੇਰ ਤਕ ਡਿਊਟੀ ਦੇਣ ਵਾਲੇ ਮੁਲਾਜ਼ਮਾਂ ਨੂੰ ਵੀ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ ਤਾਂ ਕਿ ਉਨ੍ਹਾਂ ਨੂੰ ਕੁਝ ਸਮੇਂ ਲਈ ਰੈਸਟ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਲਾਅ ਐਂਡ ਆਰਡਰ ਨੂੰ 24 ਘੰਟੇ ਹੋਰ ਮਜ਼ਬੂਤ ਕਰਨ ਲਈ ਉਹ ਪੁਲਸ ਮੁਲਾਜ਼ਮਾਂ ਦੀ ਡਿਊਟੀ ਦੀਆਂ ਸ਼ਿਫਟਾਂ ਨੂੰ 3 ਹਿੱਸਿਆਂ ਵਿਚ ਵੰਡ ਰਹੇ ਹਨ ਤਾਂ ਕਿ ਪੁਲਸ ਮੁਲਾਜ਼ਮਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਦੇ ਨਾਲ ਹੀ ਸ਼ਹਿਰ ਵਿਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸ਼ਹਿਰ ਵਿਚ ਨਾਜਾਇਜ਼ ਢੰਗ ਨਾਲ ਕਬਜ਼ੇ ਕਰਨ ਵਾਲਿਆਂ ਖ਼ਿਲਾਫ਼ ਵੀ ਟ੍ਰੈਫਿਕ ਪੁਲਸ ਅਤੇ ਨਗਰ ਨਿਗਮ ਦੇ ਸਹਿਯੋਗ ਨਾਲ ਸ਼ਹਿਰ ਵਿਚ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਕਿ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਸ਼ਹਿਰ ਦੀਆਂ ਸੜਕਾਂ ’ਤੇ ਲੋਕਾਂ ਨੂੰ ਭੀੜ ਤੋਂ ਨਿਜਾਤ ਮਿਲ ਸਕੇ।

Leave a Reply

Your email address will not be published. Required fields are marked *