ਭਗਤਾ ਭਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪ੍ਰਸਿੱਧ ਗਾਇਕ ਤੇ ਰਾਮਪੁਰਾ ਫੂਲ ਹਲਕੇ ਤੋਂ ਵਿਧਾਇਕ ਬਲਕਾਰ ਸਿੱਧੂ ਨੇ ਅੱਜ ਫੋਰਟਿਸ ਹਸਪਤਾਲ ਵਿੱਚ ਦਾਖਲ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਪਰਿਵਾਰ ਅਤੇ ਡਾਕਟਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਗਾਇਕ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਪਰਿਵਾਰ ਨੂੰ ਹੌਂਸਲਾ ਦਿੱਤਾ।
ਮੁੱਖ ਮੰਤਰੀ ਨੇ ਦੱਸਿਆ ਕਿ ਫੋਰਟਿਸ ਹਸਪਤਾਲ ਦੇ ਡਾਕਟਰ ਪੀਜੀਆਈ ਚੰਡੀਗੜ੍ਹ ਦੇ ਮਾਹਿਰ ਡਾਕਟਰਾਂ ਤੋਂ ਨਿਰੰਤਰ ਸਲਾਹ ਲੈ ਰਹੇ ਹਨ। ਕੱਲ੍ਹ ਰਾਤ ਤੱਕ ਰਾਜਵੀਰ ਜਵੰਦਾ ਨੂੰ ਚਾਰ ਲਾਈਫ ਸਪੋਰਟ ਸਿਸਟਮਾਂ ‘ਤੇ ਰੱਖਿਆ ਗਿਆ ਸੀ, ਪਰ ਹੁਣ ਉਹ ਸਿਰਫ਼ ਇੱਕ ਲਾਈਫ ਸਪੋਰਟ ‘ਤੇ ਹੈ, ਜੋ ਕਿ ਇੱਕ ਸਕਾਰਾਤਮਕ ਵਿਕਾਸ ਹੈ।
ਉਨ੍ਹਾਂ ਨੇ ਕਿਹਾ ਕਿ ਸਿਰ ਵਿੱਚ ਲੱਗੀ ਗੰਭੀਰ ਸੱਟ ਕਾਰਨ ਰਿਕਵਰੀ ਪ੍ਰਕਿਰਿਆ ਹੌਲੀ ਹੈ, ਪਰ ਹਸਪਤਾਲ ਵਿੱਚ ਦਾਖਲ ਹੋਣ ਵੇਲੇ ਜੋ ਦਿਲ ਪੂਰੀ ਤਰ੍ਹਾਂ ਕੰਮ ਨਹੀਂ ਕਰ ਰਿਹਾ ਸੀ,ਉਸ ਵਿੱਚ ਵੀ ਹੁਣ ਕਾਫ਼ੀ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ।ਇਸ ਮੌਕੇ ਵਿਧਾਇਕ ਬਲਕਾਰ ਸਿੱਧੂ ਨੇ ਰਾਜਵੀਰ ਜਵੰਦਾ ਦੀ ਜਲਦੀ ਸਿਹਤਯਾਬੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ। ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਪੰਜਾਬੀ ਮਾਂ ਬੋਲੀ ਦਾ ਇਹ ਸਪੂਤ ਜਲਦੀ ਠੀਕ ਹੋ ਕੇ ਫਿਰ ਤੋਂ ਲੋਕਾਂ ਦੀ ਕਚਹਿਰੀ ਵਿੱਚ ਵਾਪਸ ਆਵੇਗਾ।
ਬਲਕਾਰ ਸਿੱਧੂ ਨੇ ਪਰਿਵਾਰ ਨੂੰ ਵੀ ਧੀਰਜ ਰੱਖਣ ਅਤੇ ਵਿਸ਼ਵਾਸ ਬਣਾਈ ਰੱਖਣ ਦੀ ਅਪੀਲ ਕੀਤੀ। ਗਾਇਕ ਰਾਜਵੀਰ ਜਵੰਦਾ ਨੂੰ ਹਾਲ ਹੀ ਵਿੱਚ ਹੋਏ ਇੱਕ ਹਾਦਸੇ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੰਜਾਬੀ ਸੰਗੀਤ ਜਗਤ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਜਲਦੀ ਰਿਕਵਰੀ ਲਈ ਪ੍ਰਾਰਥਨਾ ਕਰ ਰਹੇ ਹਨ।
