ਚੰਡੀਗੜ੍ਹ/ਪਟਿਆਲਾ : ਪੰਜਾਬ ਦੀ ਸਿਆਸਤ ਵਿਚ ਅੱਜ ਇਕ ਹੋਰ ਧਮਾਕਾ ਹੋਇਆ ਜਦੋਂ ਸੂਬੇ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਨੇ ਰਸਮੀ ਤੌਰ ‘ਤੇ ਕਾਂਗਰਸ ਪਾਰਟੀ ਦਾ ਹੱਥ ਫੜ ਲਿਆ। ਉਨ੍ਹਾਂ ਦੀ ਸ਼ਮੂਲੀਅਤ ਨੂੰ ਖਾਸ ਤੌਰ ‘ਤੇ ਮਾਝਾ ਖੇਤਰ ਵਿਚ ਕਾਂਗਰਸ ਲਈ ਇਕ ਮਹੱਤਵਪੂਰਨ ਹੁਲਾਰਾ ਮੰਨਿਆ ਜਾ ਰਿਹਾ ਹੈ। ਚੰਡੀਗੜ੍ਹ ਵਿਚ ਹੋਏ ਇਕ ਸਾਦੇ ਪਰ ਅਹਿਮ ਸਮਾਗਮ ਦੌਰਾਨ ਜੋਸ਼ੀ ਨੂੰ ਪਾਰਟੀ ਵਿਚ ਸ਼ਾਮਲ ਕਰਵਾਉਣ ਲਈ ਕਾਂਗਰਸ ਦੇ ਵੱਡੇ ਆਗੂ ਮੌਜੂਦ ਰਹੇ। ਇਨ੍ਹਾਂ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ (ਸਾਬਕਾ ਮੁੱਖ ਮੰਤਰੀ ਛੱਤੀਸਗੜ੍ਹ), ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹਾਜ਼ਰ ਸਨ।
ਜੋਸ਼ੀ ਦਾ ਸਿਆਸੀ ਸਫ਼ਰ : ਭਾਜਪਾ ਤੋਂ ਅਕਾਲੀ ਦਲ ਅਤੇ ਹੁਣ ਕਾਂਗਰਸ ਤੱਕ
ਅਨਿਲ ਜੋਸ਼ੀ ਜੋ ਪੰਜਾਬ ਦੀ ਸਿਆਸਤ ਵਿਚ ਇਕ ਪ੍ਰਮੁੱਖ ਹਿੰਦੂ ਚਿਹਰੇ ਵਜੋਂ ਜਾਣੇ ਜਾਂਦੇ ਹਨ ਦਾ ਇਹ ਤੀਜਾ ਵੱਡਾ ਸਿਆਸੀ ਪੜਾਅ ਹੈ। ਉਹ ਪਹਿਲਾਂ ਭਾਜਪਾ ਦੇ ਸੀਨੀਅਰ ਆਗੂ ਸਨ ਅਤੇ ਅੰਮ੍ਰਿਤਸਰ ਉੱਤਰੀ ਤੋਂ ਦੋ ਵਾਰ ਵਿਧਾਇਕ ਬਣੇ। ਉਨ੍ਹਾਂ ਨੇ 2012 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਵਿਚ ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿੱਖਿਆ ਵਰਗੇ ਅਹਿਮ ਵਿਭਾਗਾਂ ਦੇ ਮੰਤਰੀ ਵਜੋਂ ਸੇਵਾ ਨਿਭਾਈ।
