ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ (Kuldeep Singh Gargajj) ਜਲਦ ਹੀ ਭਾਈ ਬਲਵੰਤ ਸਿੰਘ ਰਾਜੋਆਣਾ (BalWant Singh Rajoana) ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਜੇਲ੍ਹ ਅਧਿਕਾਰੀਆਂ ਨਾਲ ਲਿਖਾ-ਪੜ੍ਹੀ ਕਰਨ ਲਈ ਪੱਤਰ ਭੇਜ ਦਿੱਤਾ ਗਿਆ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਪਿਛਲੇ ਕਰੀਬ ਤਿੰਨ ਦਹਾਕਿਆਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹਨ ਅਤੇ ਲੰਮੇ ਸਮੇਂ ਤੋਂ ਫਾਂਸੀ ਚੱਕੀ ਵਿੱਚ ਕੈਦ ਹਨ, ਜੋ ਕਿ ਮਨੁੱਖੀ ਅਧਿਕਾਰਾਂ ਦਾ ਵੱਡਾ ਘਾਣ ਹੈ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਸਾਲ 2019 ਵਿੱਚ ਜਾਰੀ ਕੀਤੀ ਆਪਣੀ ਨੋਟੀਫਿਕੇਸ਼ਨ ਜਲਦ ਹੀ ਲਾਗੂ ਕਰਕੇ ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿਉਂਕਿ ਭਾਈ ਰਾਜੋਆਣਾ ਉਮਰ ਕੈਦ ਨਾਲੋਂ ਦੁੱਗਣੇ ਸਮੇਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹਨ, ਇਸ ਲਈ ਸਰਕਾਰ ਉਨ੍ਹਾਂ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਰਿਹਾਅ ਕਰੇ।
