ਬਟਾਲਾ – ਪੰਜਾਬ ਪੁਲਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਦਰਅਸਲ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਬਟਾਲਾ ਪੁਲਸ ਦੇ ਨਾਲ ਸਾਂਝੇ ਆਪਰੇਸ਼ਨ ਤਹਿਤ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਦੱਸਿਆ ਜਾ ਰਿਹਾ ਹੈ। ਮੁਲਜ਼ਮ ਦੀ ਪਛਾਣ ਗੁਰਲਵ ਸਿੰਘ ਉਰਫ਼ ਲਵ ਰੰਧਾਵਾ ਵਾਸੀ ਬਟਾਲਾ ਵਜੋਂ ਹੋਈ ਹੈ। ਮੁਲਜ਼ਮ ਕੋਲੋਂ ਦੋ ਪਿਸਤੌਲਾਂ, 3 ਮੈਗਜ਼ੀਨਾਂ ਤੇ 16 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।
ਗੌਰਵ ਯਾਦਵ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਲਵ ਸਿੰਘ ਆਪਣੇ ਵਿਦੇਸ਼ੀ ਹੈਂਡਲਰ ਅੰਮ੍ਰਿਤ ਦਾਲਮ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ ਅਤੇ ਉਸ ਦਾ ਅਸਲਾ ਐਕਟ, ਚੋਰੀ ਅਤੇ ਘਰ ਤੋੜਨ ਨਾਲ ਸਬੰਧਤ ਮਾਮਲਿਆਂ ਵਿੱਚ ਸ਼ਾਮਲ ਹੋਣ ਦੇ ਨਾਲ ਅਪਰਾਧਿਕ ਪਿਛੋਕੜ ਹੈ। ਬਟਾਲਾ ਦੇ ਸਿਵਲ ਲਾਈਨਜ਼ ਪੁਲਸ ਸਟੇਸ਼ਨ ਵਿਖੇ ਅਸਲਾ ਐਕਟ ਤਹਿਤ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਕੰਮ ਕਰ ਰਹੇ ਗੈਂਗਸਟਰ ਨੈੱਟਵਰਕ ਨੂੰ ਖ਼ਤਮ ਕਰਨ ਲਈ ਪੰਜਾਬ ਪੁਲਸ ਵਚਨਬੱਧ ਹੈ।
