ਮੋਗਾ : ਦਿੱਲੀ ਵਿੱਚ ਹੋਏ ਬੰਬ ਧਮਾਕੇ ਤੋਂ ਬਾਅਦ ਪੰਜਾਬ ਭਰ ਵਿੱਚ ਸੁਰੱਖਿਆ ਏਜੰਸੀਆਂ ਨੇ ਚੌਕਸੀ ਵਧਾ ਦਿੱਤੀ ਹੈ। ਇਸ ਮੁਹਿੰਮ ਦੇ ਤਹਿਤ ਮੋਗਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਰੂਟੀਨ ਚੈਕਿੰਗ ਦੌਰਾਨ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਨੌਜਵਾਨਾਂ ਕੋਲੋਂ ਤਿੰਨ ਪੈਟਰੋਲ ਬੰਬ ਬਰਾਮਦ ਕੀਤੇ ਹਨ, ਜੋ ਬੀਅਰ ਦੀਆਂ ਬੋਤਲਾਂ ਵਿੱਚ ਤਿਆਰ ਕੀਤੇ ਗਏ ਸਨ।ਮਿਲੀ ਜਾਣਕਾਰੀ ਅਨੁਸਾਰ, ਇਹ ਨੌਜਵਾਨ ਦੋ ਮੋਟਰਸਾਈਕਲਾਂ ‘ਤੇ ਸਵਾਰ ਸਨ ਅਤੇ ਪੁਲਿਸ ਵੱਲੋਂ ਸ਼ੱਕ ਦੇ ਆਧਾਰ ‘ਤੇ ਰੋਕ ਕੇ ਜਾਂਚ ਕੀਤੀ ਗਈ।
ਚੈਕਿੰਗ ਦੌਰਾਨ ਨੌਜਵਾਨਾਂ ਕੋਲੋਂ ਮਾਚਿਸ, ਪੈਟਰੋਲ ਨਾਲ ਭਰੀਆਂ ਬੋਤਲਾਂ ਅਤੇ ਹੋਰ ਸਮੱਗਰੀ ਮਿਲੀ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਚਾਰਾਂ ਫਰੀਦਕੋਟ ਜ਼ਿਲ੍ਹੇ ਦੇ ਰਹਿਣ ਵਾਲੇ ਹਨ।ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਮੋਗਾ ਦੇ ਕਸਬਾ ਬਾਘਾ ਪੁਰਾਣਾ ਦੇ ਪਿੰਡ ਮਾੜੀ ਮੁਸਤਫਾ ਵਿੱਚ ਵੀ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆਇਆ ਸੀ, ਜਿੱਥੇ ਨੌਜਵਾਨਾਂ ਨੇ ਇਕ ਦੁਕਾਨ ਉੱਤੇ ਪੈਟਰੋਲ ਬੰਬ ਸੁੱਟਿਆ ਸੀ।
ਉਹ ਨੌਜਵਾਨ ਵੀ ਫਰੀਦਕੋਟ ਦੇ ਹੀ ਰਹਿਣ ਵਾਲੇ ਸਨ।ਫਿਲਹਾਲ ਪੁਲਿਸ ਵੱਲੋਂ ਗ੍ਰਿਫ਼ਤਾਰ ਨੌਜਵਾਨਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਨਾਲ ਪੁੱਛਗਿੱਛ ਜਾਰੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਇਸ ਮਾਮਲੇ ਨਾਲ ਸੰਬੰਧਿਤ ਹੋਰ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
