ਵੱਡੀ ਖ਼ਬਰ : ਸੁਨੀਲ ਜਾਖੜ ਨੇ ਆਪਣੀ ਹੀ ਸਰਕਾਰ ’ਤੇ ਚੁੱਕੇ ਸਵਾਲ, ਮੁੱਖ ਮੰਤਰੀ ਚੰਨੀ ’ਤੇ ਵੀ ਵਿੰਨ੍ਹਿਆ ਨਿਸ਼ਾਨਾ

Sunil-Jakhar/nawanpunjab.com

ਚੰਡੀਗੜ੍ਹ, 13 ਅਕਤੂਬਰ (ਦਲਜੀਤ ਸਿੰਘ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਆਪਣੀ ਹੀ ਸਰਕਾਰ ’ਤੇ ਸਵਾਲ ਚੁੱਕੇ ਹਨ। ਜਾਖੜ ਨੇ ਆਖਿਆ ਹੈ ਕਿ ਅੱਧੇ ਪੰਜਾਬ ਨੂੰ ਕੇਂਦਰ ਸਰਕਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ। ਜਾਖੜ ਨੇ ਟਵੀਟ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਚੰਨੀ ’ਤੇ ਅਨਜਾਣੇ ਵਿਚ ਅੱਧੇ ਪੰਜਾਬ ਨੂੰ ਕੇਂਦਰ ਦੇ ਹਵਾਲੇ ਕਰਨ ਦੀ ਗੱਲ ਆਖੀ ਹੈ। ਜਾਖੜ ਨੇ ਕਿਹਾ ਕਿ ਪੰਜਾਬ ਦੇ ਕੁੱਲ 50000 ਵਰਗ ਕਿੱਲੋ ਮੀਟਰ ਹਿੱਸੇ ਵਿਚੋਂ 25000 ਵਰਗ ਕਿਲੋਮੀਟਰ ਨੂੰ ਹੁਣ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਵਿਚ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਜਾਖੜ ਨੇ ਆਖਿਆ ਹੈ ਕਿ ਇਸ ਨਾਲ ਪੰਜਾਬ ਪੁਲਸ ਦੇ ਸਨਮਾਨ ਨੂੰ ਠੇਸ ਪਹੁੰਚੀ ਹੈ। ਅਸੀਂ ਹੋਰ ਕਿੰਨੀ ਕੁ ਸੂਬੇ ਦੀ ਖ਼ੁਦਮੁਖਤਿਆਰੀ ਚਾਹੁੰਦੇ ਹਾਂ। ਇਥੇ ਹੀ ਬਸ ਨਹੀਂ ਆਪਣੇ ਟਵੀਟ ਦੇ ਨਾਲ ਜਾਖੜ ਨੇ ਉਹ ਖਬਰ ਵੀ ਸਾਂਝੀ ਕੀਤੀ ਹੈ, ਜਿਸ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਆਏ ਸਨ। ਇਸ ਸਮੇਂ ਚੰਨੀ ਨੇ ਆਖਿਆ ਸੀ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਉਨ੍ਹਾਂ ਕੇਂਦਰ ਸਰਕਾਰ ਨੂੰ ਪੰਜਾਬ ਦੀਆਂ ਸਰਹੱਦਾਂ ਸੀਲ ਕਰਨ ਦੀ ਅਪੀਲ ਕੀਤੀ ਸੀ।

ਕੀ ਹੈ ਪੂਰਾ ਮਾਮਲਾ
ਦਰਅਸਲ ਕੇਂਦਰੀ ਗ੍ਰਹਿ ਮੰਤਰਾਲਾ ਨੇ ਬਾਰਡਰ ਸੁਰੱਖਿਆ ਫੋਰਸ (ਬੀ. ਐੱਸ. ਐੱਫ.) ਦੇ ਅਧਿਕਾਰ ਖੇਤਰ ਨੂੰ ਵਧਾ ਦਿੱਤਾ ਹੈ। ਅੱਤਵਾਦ ਅਤੇ ਸਰਹੱਦ ਪਾਰ ਅਪਰਾਧਾਂ ਖ਼ਿਲਾਫ਼ ‘ਜ਼ੀਰੋ ਟੌਲਰੈਂਸ’ ਬਣਾ ਕੇ ਰੱਖਣ ਲਈ ਬੀ. ਐੱਸ. ਐੱਫ. ਨੂੰ ਤਲਾਸ਼ੀ ਲੈਣ, ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਗੈਰ-ਕਾਨੂੰਨੀ ਵਸਤੂਆਂ ਨੂੰ ਜ਼ਬਤ ਕਰਨ ਦਾ ਅਧਿਕਾਰ ਦਿੱਤਾ ਹੈ। ਆਦੇਸ਼ ਮੁਤਾਬਕ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਨੂੰ ਪੰਜਾਬ, ਪੱਛਮੀ ਬੰਗਾਲ ਅਤੇ ਆਸਾਮ ਸੂਬਿਆਂ ’ਚ ਵਧਾ ਦਿੱਤਾ ਹੈ। ਯਾਨੀ ਕਿ 50 ਕਿਲੋਮੀਟਰ ਦੇ ਦਾਇਰ ਵਿਚ ਹੁਣ ਬੀ. ਐੱਸ. ਐੱਫ. ਦੇ ਅਧਿਕਾਰ ਪੁਲਸ ਦੇ ਲੱਗਭਗ ਬਰਾਬਰ ਹੋ ਜਾਣਗੇ। ਪਹਿਲਾਂ ਪੰਜਾਬ, ਪੱਛਮੀ ਬੰਗਾਲ ਅਤੇ ਆਸਾਮ ’ਚ ਬੀ. ਐੱਸ. ਐੱਫ. ਦਾ ਖੇਤਰ ਅਧਿਕਾਰ ਸਰਹੱਦ ਤੋਂ 15 ਕਿਲੋਮੀਟਰ ਅੰਦਰ ਤੱਕ ਸੀਮਤ ਸੀ। ਹੁਣ ਇਸ ਨੂੰ ਵਧਾ ਕੇ 50 ਕਿਲੋਮੀਟਰ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *