ਚੰਡੀਗੜ੍ਹ, 18 ਅਕਤੂਬਰ (ਦਲਜੀਤ ਸਿੰਘ)- ਪੰਜਾਬ ਕੈਬਨਿਟ ਦੀ ਬੈਠਕ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਪ੍ਰੈੱਸ ਕਾਨਫਰੰਸ ਦੌਰਾਨ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਸ਼ਹਿਰਾਂ ‘ਚ ਪਾਣੀ ਦੇ 700 ਕਰੋੜ ਰੁਪਏ ਦੇ ਬਕਾਇਆ ਬਿੱਲ ਨੂੰ ਮੁਆਫ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ‘ਚ ਪਾਣੀ ਦਾ ਬਿੱਲ ਫਿਕਸ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ਹਿਰ ਦੇ ਵਾਟਰ ਵਰਕਸ ਦਾ ਬਿੱਲ ਹੁਣ ਸਰਕਾਰ ਵੱਲੋਂ ਭਰਿਆ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਟਿਊਬਵੈੱਲਾਂ ਦੇ ਬਿੱਲ ਵੀ ਪੰਜਾਬ ਸਰਕਾਰ ਵੱਲੋਂ ਭਰੇ ਜਾਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਚੌਥਾ ਦਰਜਾ ਮੁਲਾਜ਼ਮਾਂ ਦੀਆਂ ਵੀ ਰੈਗੂਲਰ ਭਰਤੀਆਂ ਹੋਣਗੀਆਂ ਅਤੇ ਕਿਸੇ ਨੂੰ ਠੇਕੇ ‘ਤੇ ਭਰਤੀ ਨਹੀਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖਜ਼ਾਨਾ ਕਦੇ ਖ਼ਾਲੀ ਨਹੀਂ ਹੁੰਦਾ ਅਤੇ ਨਾ ਹੀ ਹੋਣ ਦਿੱਤਾ ਜਾਵੇਗਾ।
ਬੀ. ਐੱਸ. ਐੱਫ. ਮੁੱਦੇ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਵਾਂਗੇ : ਮੁੱਖ ਮੰਤਰੀ ਚੰਨੀ
ਮੁੱਖ ਮੰਤਰੀ ਚੰਨੀ ਨੇ ਬੀ. ਐੱਸ. ਐੱਫ. ਦੇ ਮੁੱਦੇ ‘ਤੇ ਬੋਲਦਿਆਂ ਕਿਹਾ ਕਿ ਕੁੱਝ ਦਿਨਾਂ ਅੰਦਰ ਇਸ ਮੁੱਦੇ ‘ਤੇ ਪੰਜਾਬ ਕੈਬਨਿਟ ਦੀ ਦੁਬਾਰਾ ਬੈਠਕ ਬੁਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਸੂਬਾ ਸਰਕਾਰਾਂ ਤੋਂ ਪੁੱਛੇ ਬਿਨਾਂ ਅਜਿਹੇ ਫ਼ੈਸਲੇ ਨਹੀਂ ਲਏ ਜਾਣੇ ਚਾਹੀਦੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ‘ਚ ਲਾਅ ਅਤੇ ਆਰਡਰ ਬਣਾਈ ਰੱਖਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪੁਲਸ ਅੱਤਵਾਦ ਨੂੰ ਖ਼ਤਮ ਕਰ ਸਕਦੀ ਹੈ ਤਾਂ ਕਿਸੇ ਵੀ ਘਟਨਾ ਨੂੰ ਰੋਕਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦਾ ਅਸੀਂ ਵਿਰੋਧ ਕਰਦੇ ਹਾਂ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਇਸ ਮੁੱਦੇ ‘ਤੇ ਆਲ ਪਾਰਟੀ ਮੀਟਿੰਗ ਵੀ ਸੱਦੀ ਜਾਵੇਗੀ ਅਤੇ ਸਾਰੀਆਂ ਪਾਰਟੀਆਂ ਨੂੰ ਨਾਲ ਲੈ ਕੇ ਚੱਲਾਂਗੇ ਕਿਉਂਕਿ ਇਹ ਸਾਰੇ ਪੰਜਾਬ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ‘ਤੇ ਇਸ ਮੁੱਦੇ ਸਬੰਧੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਬੁਲਾਇਆ ਜਾ ਸਕਦਾ ਹੈ।
BSF ਮੁੱਦੇ ‘ਤੇ ਸੁਖਬੀਰ ਬਾਦਲ ਨੂੰ ਦਿੱਤਾ ਠੋਕਵਾਂ ਜਵਾਬ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਬੀ. ਐੱਸ. ਐੱਫ. ਦੇ ਮੁੱਦੇ ‘ਤੇ ਜਵਾਬ ਦਿੰਦਿਆਂ ਕਿਹਾ ਕਿ ਇਹ ਇਕ ਗੰਭੀਰ ਮੁੱਦਾ ਹੈ ਅਤੇ ਪੂਰੇ ਸੂਬੇ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਭੜਕਾਊ ਸ਼ਬਦਾਵਲੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਅਮਨ-ਸ਼ਾਂਤੀ ਬਹਾਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਉਸ ‘ਤੇ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਇਸ ਮੁੱਦੇ ਸਬੰਧੀ ਸਾਡੀ ਸਰਕਾਰ ‘ਤੇ ਸੁਖਬੀਰ ਵੱਲੋਂ ਦੋਸ਼ ਲਾਏ ਗਏ ਹਨ ਪਰ ਕੇਂਦਰ ਸਰਕਾਰ ਨੇ ਤਾਂ ਇਹ ਫ਼ੈਸਲਾ ਕਿਸੇ ਨੂੰ ਵੀ ਪੁੱਛ ਕੇ ਨਹੀਂ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਜਿਹੜਾ ਅੱਤਵਾਦ ਪਹਿਲਾਂ ਆਇਆ, ਉਸ ਲਈ ਅਕਾਲੀ ਦਲ ਜ਼ਿੰਮੇਵਾਰ ਹੈ। ਇਸ ਕਾਰਨ ਪੰਜਾਬ ਦੀ ਜਵਾਨੀ ਦਾ ਬੇਹੱਦ ਘਾਣ ਹੋਇਆ ਹੈ।
ਅਗਲੀ ਮੀਟਿੰਗ ‘ਚ ਨਵਜੋਤ ਸਿੱਧੂ ਨੂੰ ਨਾਲ ਬਿਠਾਵਾਂਗੇ : ਮੁੱਖ ਮੰਤਰੀ ਚੰਨੀ
ਮੁੱਖ ਮੰਤਰੀ ਚੰਨੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ 18 ਨੁਕਤੀ ਏਜੰਡੇ ਬਾਰੇ ਬੋਲਦਿਆਂ ਕਿਹਾ ਕਿ ਜੋ ਵੀ ਏਜੰਡਾ ਹੈ, ਅਸੀਂ ਉਸ ਨੂੰ ਇੰਨ-ਬਿੰਨ ਲਾਗੂ ਕਰ ਰਹੇ ਹਾਂ ਅਤੇ ਕੋਈ ਵੀ ਪੁਆਇੰਟ ਛੱਡਿਆ ਨਹੀਂ ਜਾਵੇਗਾ। ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਲੱਗਦਾ ਹੈ ਕਿ ਜੇਕਰ ਕਿਸੇ ਤਰ੍ਹਾਂ ਦਾ ਕੋਈ ਫ਼ਰਕ ਲੱਗ ਰਿਹਾ ਹੈ ਤਾਂ ਉਹ ਉਨ੍ਹਾਂ ਨੂੰ ਅਗਲੀ ਮੀਟਿੰਗ ‘ਚ ਆਪਣੇ ਨਾਲ ਬਿਠਾ ਲੈਣਗੇ। ਉਨ੍ਹਾਂ ਕਿਹਾ ਕਿ ਜਿਹੜੇ ਮੁੱਦੇ ਉਨ੍ਹਾਂ ਨੇ ਚੁੱਕੇ ਹਨ, ਉਹ ਪਾਰਟੀ ਪ੍ਰਧਾਨ ਹੋਣ ਦੇ ਨਾਤੇ ਉਨ੍ਹਾਂ ਦਾ ਹੱਕ ਹੈ।