ਅੰਮ੍ਰਿਤਸਰ, 21 ਅਕਤੂਬਰ (ਦਲਜੀਤ ਸਿੰਘ)- ਅੰਮ੍ਰਿਤਸਰ ਸ੍ਰੀ ਗੁਰੂ ਰਾਮਦਾਸ ਜੀ ਦੇ 487ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਸਜਾਇਆ ਗਿਆ। ਇਹ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਰੰਭ ਕੀਤਾ ਗਿਆ, ਜਿਸ ’ਚ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਅਤੇ ਸਿੱਖ ਸੰਗਤਾਂ ਵੱਡੀ ਗਿਣਤੀ ’ਚ ਸ਼ਾਮਲ ਹੋਈਆਂ ਹਨ। ਨਗਰ ਕੀਰਤਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਹੋਰ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਵੀ ਹਾਜ਼ਰ ਹਨ। ਮਿਲੀ ਜਾਣਕਾਰੀ ਅਨੁਸਾਰ ਪ੍ਰਕਾਸ਼ ਪੁਰਬ ਦੇ ਸਬੰਧ ’ਚ ਕੱਢਿਆ ਗਿਆ |
ਨਗਰ ਕੀਰਤਨ ਅੰਮ੍ਰਿਤਸਰ ਸ਼ਹਿਰ ਦੇ ਬਾਰਾਂ ਪੁਰਾਤਨ ਅਤੇ ਇਤਿਹਾਸਕ ਦਰਵਾਜ਼ਿਆਂ ਦੇ ਬਾਹਰੋਂ ਰਿੰਗ ਰੋਡ ਤੋਂ ਹੁੰਦਾ ਹੋਇਆ ਸ਼ਾਮ ਨੂੰ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ। ਸ਼ਹਿਰ ਦੇ ਲੋਕਾਂ ਵਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖ਼ਾ ਕਰਕੇ ਸਵਾਗਤ ਕੀਤਾ ਜਾ ਰਿਹਾ ਹੈ। ਨਗਰ ਕੀਰਤਨ ਦੌਰਾਨ ਘੰਟਾ ਘਰ ਵਿਖੇ ਪੁਲਸ ਬੈਂਡ ਵਲੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ ਗਈ ਹੈ। ਇਸ ਮੌਕੇ ਸਿੱਖ ਨੌਜਵਾਨਾਂ ਵਲੋਂ ਗਤਖ਼ੇ ਦੇ ਜੌਹਰ ਵੀ ਵਿਖਾਏ ਜਾ ਰਹੇ ਹਨ। ਸੰਗਤਾਂ ਵਲੋਂ ਰਾਸਤੇ ’ਚ ਤਰ੍ਹਾਂ ਤਰ੍ਹਾਂ ਦੇ ਲੰਗਰ ਲਗਾਏ ਗਏ ਹਨ।