ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਦੀ ਚੰਨੀ ਸਰਕਾਰ ’ਤੇ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਕਈ ਸਾਲਾਂ ਤੋਂ ਪੜ੍ਹਾ ਰਹੇ ਗੈੱਸਟ ਫੈਕੇਲਟੀ ਪ੍ਰੋਫ਼ੈਸਰਾਂ ਲਈ ਰੋਜ਼ਗਾਰ ਦਾ ਸੰਕਟ ਖੜ੍ਹਾ ਕਰਨ ਦਾ ਦੋਸ਼ ਲਾਏ। ਨਾਲ ਹੀ ਇਹ ਦੋਸ਼ ਵੀ ਲਾਇਆ ਹੈ ਕਿ ਚੰਨੀ ਸਰਕਾਰ ਪੰਜਾਬ ਵਿੱਚ ਸੰਸਕ੍ਰਿਤ ਭਾਸ਼ਾ ਨਾਲ ਪੱਖਪਾਤ ਕਰ ਰਹੀ ਹੈ। ਚੰਨੀ ਸਰਕਾਰ ਵੱਲੋਂ ਹਾਲ ਵਿੱਚ ਜਾਰੀ ਕੀਤੇ ਤੁਗ਼ਲਕੀ ਫ਼ਰਮਾਨ (ਨੋਟੀਫ਼ਿਕੇਸ਼ਨ) ਅਨੁਸਾਰ ਸਿੱਖਿਆ ਵਿਭਾਗ ਪੰਜਾਬ ਵਿੱਚ ਸਾਲਾਂ ਬਾਅਦ ਪ੍ਰੋਫ਼ੈਸਰਾਂ ਦੀ ਭਰਤੀ ਸ਼ੁਰੂ ਕੀਤੀ ਗਈ ਹੈ, ਪਰ ਇਸ ਵਿੱਚ ਕਈ ਸਾਲਾਂ ਤੋਂ ਬਤੌਰ ਗੈੱਸਟ ਫੈਕੇਲਟੀ ਸੇਵਾਵਾਂ ਨਿਭਾ ਰਹੇ ਪ੍ਰੋਫ਼ੈਸਰਾਂ ਨੂੰ ਪੂਰੀ ਤਰ੍ਹਾਂ ਨਾਲ ਅਣਦੇਖਾ ਕੀਤਾ ਗਿਆ ਹੈ। ਪੰਜਾਬ ਦੇ ਨੌਜਵਾਨਾਂ ਨੂੰ ਗਿਆਨ ਦੇਣ ਲਈ ਜੀਵਨ ਦਾ ਲੰਮਾ ਸਮਾਂ ਦੇ ਚੁੱਕੇ ਗੈੱਸਟ ਫੈਕੇਲਟੀ ਨਾਲ ਵੀ ਵਿਸ਼ਵਾਸਘਾਤ ਕੀਤਾ ਗਿਆ ਹੈ।
ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਉੱਚ ਸਿੱਖਿਆ ਵਿਭਾਗ ਦੇ ਵਿਕਾਸ ਲਈ ਪੰਜਾਬ ਸਰਕਾਰ ਨੇ ਭਰਤੀ ਪ੍ਰੀਕਿਰਿਆ ਸ਼ੁਰੂ ਕੀਤੀ ਹੈ, ਪਰ ਠੀਕ ਢੰਗ ਨਾਲ ਨਹੀਂ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਸਰਕਾਰ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਦੋਗਲੀ ਨੀਤੀ ਅਪਣਾ ਰਹੀ ਹੈ। ਹਾਲ ਵਿੱਚ ਹੀ ਉੱਚ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਕਾਲਜਾਂ ਲਈ ਕੱਢੀਆਂ ਗਈਆਂ ਸਹਾਇਕ ਪ੍ਰੋਫ਼ੈਸਰਾਂ ਦੀ ਭਰਤੀ ਦਾ ਨੋਟੀਫ਼ਿਕੇਸ਼ਨ ਇਸ ਦਾ ਸਪਸ਼ਟ ਪ੍ਰਮਾਣ ਹੈ।