ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਨੇ ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ’ਚ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਤੇ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਪ੍ਰਤੀ ਜਾਗਰੂਕ ਕਰਨ ਲਈ ਕਿਹਾ
ਡਿਪਟੀ ਕਮਿਸ਼ਨਰ ਨੂੰ ਵਿਭਾਗਾਂ ਦਾ ਟੀਚਾ ਦੇ ਉਨ੍ਹਾਂ ਦੀ ਸਮੀਖਿਆ ਕਰਨ ਦੇ ਦਿੱਤੇ ਨਿਰਦੇਸ਼
ਪਾਰਵ ਕਾਰਪੋਰੇਸ਼ਨ ਨੂੰ 2 ਕਿਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨਾਂ ਵਾਲੇ ਲਾਭਪਾਤਰੀਆਂ ਦੇ ਬਕਾਇਆ ਬਿੱਲ ਮੁਆਫ਼ ਕਰਨ ਦੀ ਸੁਵਿਧਾ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਕੀਤੀ ਹਦਾਇਤ
ਹੁਸ਼ਿਆਰਪੁਰ, 23 ਅਕਤੂਬਰ: ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਅਰੁਣਾ ਚੌਧਰੀ ਨੇ ਜਿਲ੍ਹੇ ਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਸਬੰਧੀ ਆਯੋਜਿਤ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐਸ.ਐਸ.ਪੀ. ਕੁਲਵੰਤ ਸਿੰਘ ਹੀਰ ਵੀ ਮੌਜੂਦ ਸਨ।