ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਚੰਨੀ ਸਰਕਾਰ ‘ਤੇ ਦੋਸ਼ ਲਾਇਆ, ”ਕਾਂਗਰਸ ਦੀ ਚੰਨੀ ਸਰਕਾਰ ਨੇ ਪੰਜਾਬ ਨੂੰ ਕੇਂਦਰ ਸਰਕਾਰ ਕੋਲ ਗਹਿਣੇ ਰੱਖ ਦਿੱਤਾ ਹੈ, ਕਿਉਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਕੇਂਦਰੀ ਅਮਿਤ ਸ਼ਾਹ ਨਾਲ ਮੀਟਿੰਗ ਕਰਨ ਤੋਂ ਬਾਅਦ ਹੀ ਬੀ.ਐਸ.ਐਫ ਦੇ ਅਧਿਕਾਰਾਂ ਵਿੱਚ ਵਾਧਾ ਕਰਕੇ ਅੱਧਾ ਪੰਜਾਬ ਕੇਂਦਰ ਨੇ ਆਪਣੇ ਹਵਾਲੇ ਕਰ ਲਿਆ। ਇਸ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਲੋਕਾਂ ਦੇ ਸਾਹਮਣੇ ਸੱਚ ਰੱਖਣਾ ਚਾਹੀਦਾ ਹੈ ਕਿ ਕਿਹੜੇ ਕਾਰਨਾਂ ਅਤੇ ਕਮਜ਼ੋਰੀਆਂ ਕਰਕੇ 50 ਫ਼ੀਸਦੀ ਪੰਜਾਬ ‘ਤੇ ਭਾਜਪਾ ਦਾ ਕਬਜ਼ਾ ਕਰਵਾ ਦਿੱਤਾ ਗਿਆ।” ਭਗਵੰਤ ਮਾਨ ਸੋਮਵਾਰ ਨੂੰ ਪੰਜਾਬ ਸਰਕਾਰ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ ‘ਚ ਹਿੱਸਾ ਲੈਣ ਤੋਂ ਬਾਅਦ ਪੰਜਾਬ ਭਵਨ ਚੰਡੀਗੜ੍ਹ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ ਅਤੇ ਉਨ੍ਹਾਂ ਨਾਲ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਅਮਨ ਅਰੋੜਾ ਵੀ ਹਾਜ਼ਰ ਸਨ।

