ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ ਚੱਲ ਰਹੇ ਵੱਡੇ ਕਿਸਾਨ ਅੰਦੋਲਨ ਵਿੱਚ ਸ਼ਿਰਕਤ ਕਰਦੇ ਸਮੇਂ ਫੌਤ ਹੋਏ ਮਾਨਸਾ ਜ਼ਿਲ੍ਹੇ ਦੇ ਕਿਸਾਨਾਂ ਦੇ ਵਾਰਸਾਂ ਨੂੰ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਗਏ। ਕੈਬਨਿਟ ਮੰਤਰੀ ਸ੍ਰੀ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਵੱਲੋਂ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਕਿ ਕਿਸਾਨੀ ਸੰਘਰਸ਼ ਦੇ ਅਮਰ ਯੋਧਿਆਂ ਦੇ ਘਰ ਵਿੱਚ ਪਹੁੰਚ ਕਰਕੇ ਪਰਿਵਾਰਾਂ ਨਾਲ ਸਰਕਾਰ ਦੀ ਤਰਫੋਂ ਡਟ ਕੇ ਖੜ੍ਹੇ ਹੋਣ ਦੀ ਵਚਨਬੱਧਤਾ ਦੁਹਰਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਫੌਤ ਹੋਏ ਕਿਸਾਨਾਂ ਦੇ ਪੀੜਤ ਪਰਿਵਾਰ ਨੂੰ ਪੰਜ-ਪੰਜ ਲੱਖ ਰੁਪਏ ਦੀ ਮਾਲੀ ਮਦਦ ਦੇ ਨਾਲ ਨਾਲ ਇੱਕ ਵਾਰਸ ਨੂੰ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ।
