ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਸਰਕਾਰ ’ਤੇ ਸੂਬੇ ਦੇ ਗੰਨਾ ਉਤਪਾਦਕ ਕਿਸਾਨਾਂ ਨਾਲ ਧੋਖ਼ਾ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਦੱਸਿਆ, ‘‘ਪੰਜਾਬ ਦੀ ਕਾਂਗਰਸ ਸਰਕਾਰ ਨੇ ਸੂਬੇ ਦੇ ਗੰਨਾ ਉਤਪਾਦਕ ਕਿਸਾਨਾਂ ਨੂੰ ਗੰਨੇ ਦਾ ਮੁੱਲ 360 ਪ੍ਰਤੀ ਕੁਇੰਟਲ ਦੇਣ ਦਾ ਐਲਾਨ ਤਾਂ ਜ਼ਰੂਰ ਕੀਤਾ ਸੀ, ਪਰ ਇਸ ਦੇ ਲਈ ਲੋੜੀਂਦੀ ਨੋਟੀਫ਼ਿਕੇਸ਼ਨ ਅਤੇ ਬਜਟ ਦਾ ਕੋਈ ਪ੍ਰਬੰਧ ਨਹੀਂ ਕੀਤਾ। ਇਸ ਕਾਰਨ ਸੂਬੇ ਦੀਆਂ ਪ੍ਰਾਈਵੇਟ ਖੰਡ ਮਿੱਲਾਂ ਨੇ ਕਿਸਾਨਾਂ ਦਾ ਗੰਨਾ ਖ਼ਰੀਦਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਜਿਸ ਕਾਰਨ ਗੰਨਾ ਉਤਪਾਦਕ ਭਾਰੀ ਸਦਮੇ ਵਿੱਚ ਹਨ।’’
