ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਹਰ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਅਤੇ ਮਹਿੰਗਾਈ ਵਧਣ ਲਈ ਕੇਂਦਰ ਦੀ ਨਰਿੰਦਰ ਮੋਦੀ ਅਤੇ ਪੰਜਾਬ ਦੀ ਚੰਨੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਨਾਂ ਨੂੰ ‘ਲੋਕ ਮਾਰੂ’ ਸਰਕਾਰਾਂ ਕਰਾਰ ਦਿੱਤਾ ਹੈ। ਉਨਾਂ ਦੋਸ਼ ਲਾਇਆ ਕਿ 2014 ਤੋਂ ਪਹਿਲਾਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਤੇ ਮਹਿੰਗਾਈ ‘ਚ ਵਾਧਾ ਹੋਣ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਅੱਧ ਨੰਗੇ ਹੋ ਕੇ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਿਆ ਕਰਦੇ ਸਨ, ਅੱਜ ਜਦੋਂ ਮਹਿੰਗਾਈ ਕਾਰਨ ਲੋਕਾਂ ਦਾ ਜੀਣਾ ਦੁੱਭਰ ਹੋ ਗਿਆ ਹੈ, ਉਹ ਸਾਰੇ ਆਗੂ ਚੁੱਪ ਵੱਟੀ ਬੈਠੇ ਹਨ।
