ਚੰਡੀਗੜ੍ਹ, 8 ਨਵੰਬਰ (ਦਲਜੀਤ ਸਿੰਘ)- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਅੱਜ ਸਦਨ ਦੀ ਕਾਰਵਾਈ ਦੌਰਾਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮਗਰੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਵੀਰਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੌਰਾਨ 9 ਅਤੇ 10 ਨਵੰਬਰ ਨੂੰ ਛੁੱਟੀ ਰਹੇਗੀ। ਉੱਥੇ ਹੀ 11 ਨਵੰਬਰ ਨੂੰ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਵੇਗੀ। ਇਸ ਦਿਨ ਕੇਂਦਰ ਸਰਕਾਰ ਵੱਲੋਂ ਬੀ. ਐੱਸ. ਐੱਫ਼. ਦਾ ਦਾਇਰਾ ਵਧਾਏ ਜਾਣ ਸਬੰਧੀ ਜਾਰੀ ਨੋਟੀਫਿਕੇਸ਼ਨ ਖ਼ਿਲਾਫ਼ ਮਤਾ ਲਿਆਂਦਾ ਜਾਵੇਗਾ। ਕੇਂਦਰ ਸਰਕਾਰ ਨੇ ਬੀਤੇ ਦਿਨੀਂ ਬੀ. ਐੱਸ. ਐੱਫ਼. ਦਾ ਦਾਇਰਾ ਵਧਾਉਂਦਿਆਂ 15 ਕਿਲੋਮੀਟਰ ਤੋਂ 50 ਕਿਲੋਮੀਟਰ ਸਬੰਧੀ ਇਕ ਨੋਟੀਫਿਕੇਸ਼ਨ ਜਾਰੀ ਕੀਤੀ ਸੀ। ਪੰਜਾਬ ਸਰਕਾਰ ਇਸ ਦਾ ਵਿਰੋਧ ਕਰ ਰਹੀ ਹੈ। ਇਸ ਸਬੰਧੀ ਹੁਣ ਵਿਧਾਨ ਸਭਾ ਇਜਲਾਸ ’ਚ ਇਸ ਨੋਟੀਫਿਕੇਸ਼ਨ ਖ਼ਿਲਾਫ਼ ਵਿਰੋਧ ਮਤਾ ਲਿਆਂਦਾ ਜਾ ਸਕਦਾ ਹੈ।
ਇਸੇ ਕੜੀ ’ਚ ਹੋਰ ਅਹਿਮ ਮੁੱਦਿਆਂ ’ਤੇ ਚਰਚਾ ਹੋਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਕ ਦਿਨਾਂ ਵਿਧਾਨ ਸਭਾ ਇਜਲਾਸ ਬੁਲਾਉਣ ਦਾ ਐਲਾਨ ਕੀਤਾ ਸੀ। ਉਦੋਂ ਕਿਹਾ ਗਿਆ ਸੀ ਕਿ 8 ਨਵੰਬਰ ਨੂੰ ਹੀ ਸ਼ਰਧਾਂਜਲੀ ਦੇਣ ਤੋਂ ਬਾਅਦ ਬੀ. ਐੱਸ. ਐੱਫ਼. ਦਾ ਦਾਇਰਾ ਵਧਾਉਣ ਖ਼ਿਲਾਫ਼ ਮਤਾ ਲਿਆਂਦਾ ਜਾ ਸਕਦਾ ਹੈ। ਉੱਥੇ ਹੀ ਐਤਵਾਰ ਨੂੰ ਪੰਜਾਬ ਮੰਤਰੀ ਮੰਡਲ ਨੇ ਇਕ ਦਿਨਾ ਸੈਸ਼ਨ ’ਚ ਫੇਰਬਦਲ ਦਾ ਫ਼ੈਸਲਾ ਕੀਤਾ। ਮੰਤਰੀ ਮੰਡਲ ਨੇ 15ਵੀਂ ਪੰਜਾਬ ਵਿਧਾਨ ਸਭਾ ਦਾ 16ਵਾਂ ਇਜਲਾਸ ਇਕ ਦਿਨ ਹੋਰ ਵਧਾ ਕੇ 11 ਨਵੰਬਰ (ਵੀਰਵਾਰ) ਨੂੰ ਵੀ ਕਰਵਾਉਣ ਦਾ ਫ਼ੈਸਲਾ ਕੀਤਾ ਹੈ।