ਖਰੜ, 8 ਨਵੰਬਰ (ਦਲਜੀਤ ਸਿੰਘ)- ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਸੋਮਵਾਰ ਨੂੰ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ‘ਚ ਹਜ਼ਾਰਾਂ ਦੀ ਗਿਣਤੀ ‘ਚ ਝੰਡੇ ਤੇ ਮਾਟੋ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਜਨਰਲ ਸਕੱਤਰ ਚੰਦਰ ਸ਼ੇਖਰ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਪ੍ਰਾਈਵੇਟ ਕਰਨ ਨੂੰ ਅਤੇ ਬਹੁ ਰਾਸ਼ਟਰੀ ਕੰਪਨੀਆਂ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ ਅਤੇ ਪਬਲਿਕ ਸੈਕਟਰ ਖ਼ਤਮ ਕੀਤਾ ਜਾ ਰਿਹਾ ਹੈ।
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਕਰਕੇ ਫਿਰ ਥੋੜ੍ਹਾ ਜਿਹਾ ਘਟਾ ਦੇਣਾ ਊਠ ਤੋਂ ਛਾਨਣੀ ਲਾਹੁਣਾ ਹੈ। ਸੂਬਾ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਆਂਗਨਵਾੜੀ ਵਰਕਰਾਂ ਲਗਾਤਾਰ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ ਪਰ ਉਨ੍ਹਾਂ ਦਾ ਕੋਈ ਸੁਣਵਾਈ ਨਹੀਂ ਹੋ ਰਹੀ, ਜਿਸ ਕਾਰਨ ਉਹ ਸੰਘਰਸ਼ ਕਰਨ ਲਈ ਮਜਬੂਰ ਹਨ।