ਚੰਡੀਗੜ੍ਹ, 8 ਨਵੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਅਤੇ ਗੁਆਂਢੀ ਸੂਬਾ ਹਰਿਆਣਾ ਦੀ ਤਰਜ਼ `ਤੇ ਪੰਜਾਬ ਵਿੱਚ ਵੀ ਪੈਟਰੋਲ ਅਤੇ ਡੀਜ਼ਲ `ਤੇ ਲੱਗਣ ਵਾਲੇ ਵੈਟ ਨੂੰ ਘਟਾ ਕੇ ਸੂਬੇ ਦੇ ਲੋਕਾਂ ਨੂੰ ਤੁਰੰਤ ਰਾਹਤ ਦੇਣ ਦੀ ਮੰਗ ਕੀਤੀ ਹੈ।ਸ: ਢੀਂਡਸਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਗੁਆਂਢੀ ਰਾਜਾਂ ਵਿਚੋਂ ਸਭ ਤੋਂ ਜਿ਼ਆਦਾ ਹਨ, ਕਿਉਂਕਿ ਪੰਜਾਬ ਸਰਕਾਰ ਵੱਲੋਂ ਪੈਟਰੋਲ `ਤੇ 31.17 ਫ਼ੀਸਦ ਵੈਟ ਅਤੇ ਡੀਜ਼ਲ `ਤੇ 19.56 ਫ਼ੀਸਦ ਵੈਟ ਵਸੂਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਲੋਕ ਮਾਰੂ ਨੀਤੀ ਕਾਰਨ ਜਿਥੇ ਖਪਤਕਾਰ ਲੁੱਟੇ ਜਾ ਰਹੇ ਹਨ, ਉਥੇ ਹੀ ਪੈਟਰੋਲ ਪੰਪ ਮਾਲਕ ਪ੍ਰੇਸ਼ਾਨ ਹੋ ਰਹੇ ਹਨ, ਕਿਉਂਕਿ ਖਪਤਕਾਰ ਗੁਆਂਢੀ ਰਾਜਾਂ ਦੇ ਪੰਪਾਂ ਤੋਂ ਪੈਟਰੋਲ-ਡੀਜ਼ਲ ਖਰੀਦ ਰਹੇ ਹਨ।ਸ: ਢੀਂਡਸਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਡੀਜ਼ਲ ਦੀ ਵਰਤੋਂ ਸਭ ਤੋਂ ਵੱਧ ਕਿਸਾਨਾਂ ਵੱਲੋਂ ਕੀਤੀ ਜਾਂਦੀ ਹੈ |
ਕਿਉਂਕਿ ਉਨ੍ਹਾਂ ਦਾ ਸਾਰਾ ਕੰਮ ਡੀਜ਼ਲ `ਤੇ ਨਿਰਭਰ ਕਰਦਾ ਹੈ ਅਤੇ ਵਰਤਮਾਨ ਵਿੱਚ ਸੂਬੇ ਵਿੱਚ ਡੀਜ਼ਲ ਦੀ ਕੀਮਤ 100 ਰੁਪਏ ਤੋਂ ਵੀ ਉੱਤੇ ਹੈ, ਜਿਸ ਦਾ ਕਿਸਾਨਾਂ `ਤੇ ਬਹੁਤ ਜਿ਼ਆਦਾ ਆਰਥਿਕ ਬੋਝ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਅੱਜ ਮਹਿੰਗਾਈ ਕਾਰਨ ਲੋਕਾਂ ਦਾ ਜੀਣਾ ਦੁੱਭਰ ਹੋ ਗਿਆ ਹੈ ਅਤੇ ਮਹਿੰਗਾਈ `ਤੇ ਕਾਬੂ ਪਾਉਣਾ ਸਰਕਾਰਾਂ ਦਾ ਕੰਮ ਹੈ। ਜਿਹੜੀ ਸਰਕਾਰ ਮਹਿੰਗਾਈ ਨੂੰ ਕਾਬੂ ਵਿਚ ਨਹੀ ਰੱਖ ਸਕਦੀ, ਉਸ ਦੇ ਕੰਮ ਕਰਨ ਦੀ ਨੀਅਤ ਲੋਕ-ਪੱਖੀ ਨਹੀ ਹੁੰਦੀ ਹੈ ਅਤੇ ਮੌਜੂਦਾ ਹਾਲਾਤ ਵਿੱਚ ਕੇਂਦਰ ਦੇ ਨਾਲ-ਨਾਲ ਸੂਬਾ ਸਰਕਾਰ ਵੀ ਮਹਿੰਗਾਈ `ਤੇ ਕਾਬੂ ਪਾਉਣ ਵਿੱਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ।ਸ: ਢੀਂਡਸਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ-ਡੀਜ਼ਲ `ਤੇ ਲਾਏ ਗਏ ਟੈਕਸ ਤੁਰੰਤ ਘਟਾਏ ਜਾਣ ਤਾਂ ਜੋ ਇਨ੍ਹਾਂ ਦੀਆਂ ਕੀਮਤਾਂ ਘੱਟ ਹੋਣ ਅਤੇ ਮਹਿੰਗਾਈ ਨੂੰ ਕਾਬੂ ਕੀਤਾ ਜਾਵੇ।