ਸੰਗਰੂਰ, 12 ਨਵੰਬਰ (ਦਲਜੀਤ ਸਿੰਘ)- ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੇ ਸਾਢੇ ਚਾਰ ਸਾਲ ’ਚ ਕੋਈ ਕੰਮ ਨਹੀਂ ਕੀਤਾ ਤਾਂ ਹੀ ਹਾਈਕਮਾਂਡ ਵੱਲੋਂ ਉਨ੍ਹਾਂ ਦਾ ਬਿਸਤਰਾ ਗੋਲ ਕਰ ਦਿੱਤਾ ਗਿਆ। ਇਹ ਪ੍ਰਗਟਾਵਾ ਬੀਬੀ ਰਾਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਤੇ ਵਾਈਸ ਚੇਅਰਪਰਸਨ ਪੰਜਾਬ ਰਾਜ ਯੋਜਨਾ ਬੋਰਡ ਨੇ ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਬੀਬੀ ਭੱਠਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਪਾਰਟੀ ਵੱਲੋਂ ਸਭ ਤੋਂ ਜ਼ਿਆਦਾ ਵਾਰ ਮੁੱਖ ਮੰਤਰੀ, ਸੂਬੇ ਦਾ ਪ੍ਰਧਾਨ ਤੇ ਹੋਰ ਜ਼ਿੰਮੇਵਾਰੀਆਂ ਦਿੱਤੀਆਂ ਹਨ ਪਰ ਜਦੋਂ ਹੁਣ ਪਾਰਟੀ ਉਨ੍ਹਾਂ ਦੀ ਕਾਰਗੁਜ਼ਾਰੀ ਤੋਂ ਨਾਖੁਸ਼ ਸੀ ਜਿਸ ਕਾਰਨ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਉਤਾਰਿਆ ਗਿਆ ਪਰ ਕੈਪਟਨ ਨੂੰ ਨਵੀਂ ਪਾਰਟੀ ਨਹੀਂ ਬਣਾਉਣੀ ਚਾਹੀਦੀ ਸੀ।ਉਨ੍ਹਾਂ ਕਿਹਾ ਕਿ ਮੇਰੇ ਮੁੱਖ ਮੰਤਰੀ ਹੁੰਦਿਆਂ ਪਾਰਟੀ ਵੱਲੋਂ ਸੁਨੀਲ ਜਾਖੜ ਨੂੰ ਸੂਬਾ ਪ੍ਰਧਾਨ ਲਾਇਆ ਗਿਆ ਸੀ ਪਰ ਅਸੀਂ ਮਿਲ ਕੇ ਪਾਰਟੀ ਤੇ ਲੋਕਾਂ ਦੇ ਕੰਮ ਕਰਦੇ ਰਹੇ ਕੈਪਟਨ ਨੂੰ ਵੀ ਪਾਰਟੀ ਪ੍ਰਤੀ ਵਫ਼ਾਦਾਰ ਰਹਿਣਾ ਚਾਹੀਦਾ ਸੀ।
ਬੀਬੀ ਭੱਠਲ ਨੇ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ’ਚ 50 ਕਿਲੋਮੀਟਰ ਤੱਕ ਦੇ ਇਲਾਕੇ ’ਚ ਬੀ.ਐੱਸ.ਐੱਫ਼. ਲਾਉਣ ਦੇ ਮਾਮਲੇ ’ਤੇ ਕੇਂਦਰ ਸਰਕਾਰ ਦੀ ਹਮਾਇਤ ਕਰਨ ’ਤੇ ਸਵਾਲ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਕੈਪਟਨ ਸੂਬੇ ਲਈ ਵੱਧ ਅਧਿਕਾਰਾਂ ਦੀ ਗੱਲ ਕਰਦੇ ਰਹੇ ਸਨ ਅਤੇ ਆਨੰਦਪੁਰ ਮਤੇ ਦੀਆਂ ਗੱਲਾਂ ਕਰਦੇ ਸਨ ਪਰ ਹੁਣ ਸੱਤਾ ਦੇ ਲਾਲਚਵੱਸ ਪੰਜਾਬ ਦੇ ਅਧਿਕਾਰਾਂ ਨੂੰ ਸੀਮਿਤ ਕਰਨ ਵਾਲੀ ਭਾਜਪਾ ਸਰਕਾਰ ਦੀ ਸ਼ਲਾਘਾ ਕਰ ਕੇ ਸੂਬੇ ਦੇ ਲੋਕਾਂ ਨਾਲ ਧੋਖਾ ਕੀਤਾ ਹੈ।