ਕਾਂਗਰਸ ਸਰਕਾਰ ਹੀ ਅਸਲ ’ਚ ਆਮ ਆਦਮੀ ਦੀ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ

randhawa/nawanpunjab.com

ਬਠਿੰਡਾ,12 ਨਵੰਬਰ (ਦਲਜੀਤ ਸਿੰਘ)- ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇੱਥੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਵਾਲੀ ਸਰਕਾਰ ਹੀ ਅਸਲ ਵਿਚ ਆਮ ਆਦਮੀ ਦੀ ਸਰਕਾਰ ਹੈ। ਸੂਬਾ ਸਰਕਾਰ ਵਲੋਂ ਲਏ ਗਏ ਇਤਿਹਾਸਕ ਤੇ ਕ੍ਰਾਂਤੀਕਾਰੀ ਫ਼ੈਸਲਿਆਂ ਤੋਂ ਰਾਜ ਦਾ ਹਰ ਵਰਗ ਅਤੇ ਹਰ ਆਮ ਆਦਮੀ ਖ਼ੁਸ਼ੀ ਮਹਿਸੂਸ ਕਰ ਰਿਹਾ ਹੈ। ਰੰਧਾਵਾ ਅੱਜ ਇੱਥੇ ਲੇਕ ਵਿਊ ਵਿਖੇ ਪੁਲਸ ਅਧਿਕਾਰੀਆਂ ਨਾਲ ਕ੍ਰਾਇਮ ਦੀ ਰੋਕਥਾਮ ਸਬੰਧੀ ਕੀਤੀ ਗਈ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਇਸ ਮੌਕੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ ਅਤੇ ਡੀ. ਜੀ. ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਲੇਕ ਵਿਊ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਸੂਬੇ ਅੰਦਰ ਸਰਹੱਦੀ ਖੇਤਰ ਦਾ ਦਾਇਰਾ ਵਧਾ ਕੇ ਪੰਜਾਬ ਸਰਕਾਰ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ’ਚ ਕਿਹਾ ਕਿ ਪੰਜਾਬ ਪੁਲਸ ਸੂਬੇ ਅੰਦਰ ਕ੍ਰਾਇਮ, ਨਸ਼ਿਆਂ ਦੀ ਰੋਕਥਾਮ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਬੇਹਤਰ ਕਾਰਗੁਜ਼ਾਰੀ ਕਰ ਰਹੀ ਹੈ। ਉਨ੍ਹਾਂ ਹੋਰ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ’ਚ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਦਾ ਸੂਬੇ ਅੰਦਰ ਕੋਈ ਵੀ ਆਧਾਰ ਨਹੀਂ ਰਿਹਾ ਹੈ ਕਿਉਂਕਿ ਬਠਿੰਡਾ ਪਾਰਲੀਮੈਂਟ ਨਾਲ ਸਬੰਧਤ ਤਿੰਨ ਵਿਧਾਇਕ ਰੁਪਿੰਦਰ ਕੌਰ ਰੂਬੀ, ਨਾਜਰ ਸਿੰਘ ਮਾਨਸ਼ਾਹੀਆਂ ਅਤੇ ਜਗਦੇਵ ਕਮਾਲੂ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਚੁੱਕੇ ਹਨ ਅਤੇ ਭਵਿੱਖ ਵਿਚ ਹੋਰ ਵੀ ਨੁਮਾਂਇੰਦੇ ਸ਼ਾਮਲ ਹੋ ਸਕਦੇ ਹਨ।

ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਪੰਜਾਬ ਦੇ ਹੱਕਾਂ ਤੇ ਡਾਕਾ ਮਾਰਨ ਵਾਲੀ ਪਾਰਟੀ ਗਰਦਾਨਿਆ। ਇਸ ਤੋਂ ਪਹਿਲਾਂ ਉੱਪ ਮੁੱਖ ਮੰਤਰੀ ਰੰਧਾਵਾ ਨੇ ਕ੍ਰਾਇਮ ਦੀ ਰੋਕਥਾਮ ਲਈ ਬਠਿੰਡਾ, ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਪੁਲਸ ਰੇਂਜ ਕ੍ਰਮਵਾਰ ਆਈ. ਜੀ. ਅਤੇ ਡੀ. ਆਈ. ਜੀ. ਅਤੇ ਜ਼ਿਲ੍ਹਾ ਪੁਲਸ ਮੁਖੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਰੰਧਾਵਾ ਨੇ ਉਨ੍ਹਾਂ ਦੇ ਅਧਿਕਾਰ ਖੇਤਰਾਂ ਅਧੀਨ ਹੋਣ ਵਾਲੇ ਕ੍ਰਾਇਮ ਅਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਰੰਧਾਵਾ ਨੇ ਮੌਜੂਦ ਉੱਚ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਜ਼ਿਿਲ੍ਹਆਂ ’ਚ ਕੋਈ ਵੀ ਨਸ਼ਾ ਤਸਕਰ ਨਸ਼ਾ ਵੇਚਦਾ ਜਾਂ ਵਿਕਦਾ ਫ਼ੜ੍ਹਿਆ ਗਿਆਂ ਤਾਂ ਸਬੰਧਤ ਪੁਲਸ ਕਰਮੀ ਖਿਲਾਫ਼ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਕ੍ਰਾਇਮ ਰੋਕਣ ਵਿਚ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਰੰਧਾਵਾ ਵਲੋਂ ਸੀਨੀਅਰ ਕਾਂਗਰਸੀ ਆਗੂ ਜੈਜੀਤ ਜੌਹਲ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਧਰਮ ਪਤਨੀ ਵੀਨੂੰ ਬਾਦਲ ਦੀ ਅਗਵਾਈ ਹੇਠ ਬਠਿੰਡਾ ਦੇ ਵਪਾਰੀਆਂ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ। ਇਸ ਦੌਰਾਨ ਵਾਪਾਰੀ ਵਰਗ ਵਲੋਂ ਸਰਕਾਰ ਦੁਆਰਾ ਬਿਜਲੀ, ਪਾਣੀ, ਪੈਟਰੋਲ, ਡੀਜ਼ਲ ਅਤੇ ਰੇਤ ਦੇ ਰੇਟ ਘਟਾਉਣ ਆਦਿ ਲਏ ਗਏ ਇਤਿਹਾਸਕ ਤੇ ਕ੍ਰਾਂਤੀਕਾਰੀ ਫੈਸਲਿਆਂ ’ਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *