ਲੁਧਿਆਣਾ, 15 ਨਵੰਬਰ (ਦਲਜੀਤ ਸਿੰਘ)- ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਅੱਜ ਬੱਸ ਸਟੈਂਡ ਵਿਖੇ ਗੇਟ ਰੈਲੀਆਂ ਕੀਤੀਆਂ ਗਈਆਂ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਮੁਲਾਜ਼ਮਾਂ ਨੇ ਕਿਹਾ ਕਿ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੇ 20 ਦਿਨ ਵਿਚ ਕੱਚੇ ਮੁਲਾਜ਼ਮਾਂ ਦਾ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਅਜੇ ਤੱਕ ਮਸਲਾ ਹੱਲ ਨਹੀਂ ਹੋਇਆ। ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 23 ਤਾਰੀਖ਼ ਨੂੰ ਉਹ ਹੜਤਾਲ ਕਰਨਗੇ ਅਤੇ ਫਿਰ ਵੀ ਜੇ ਮਸਲਾ ਹੱਲ ਨਾ ਹੋਇਆ ਤਾਂ ਅਣਮਿੱਥੇ ਸਮੇਂ ਲਈ ਮੁਲਾਜ਼ਮਾਂ ਵੱਲੋਂ ਹੜਤਾਲ ਸ਼ੁਰੂ ਕੀਤੀ ਜਾਵੇਗੀ।
ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਲਈ ਕੋਈ ਵੀ ਸਰਕਾਰ ਵੱਲੋਂ ਅਜੇ ਤੱਕ ਪਾਲਿਸੀ ਨਹੀਂ ਬਣਾਈ ਗਈ ਅਤੇ ਜੋ ਵਿਚਾਰੀ ਵੀ ਜਾ ਰਹੀ ਹੈ, ਉਸ ਦਾ ਵੀ ਕੋਈ ਭਰੋਸਾ ਨਹੀਂ। ਮੁਲਾਜ਼ਮਾਂ ਨੇ ਕਿਹਾ ਕਿ ਅੱਜ ਪੰਜਾਬ ਭਰ ਵਿਚ ਰੈਲੀਆਂ ਕੀਤੀਆਂ ਗਈਆਂ ਅਤੇ ਆਉਣ ਵਾਲੀ 23 ਤਾਰੀਖ਼ ਨੂੰ ਹੜਤਾਲ ਕੀਤੀ ਜਾਵੇਗੀ ਅਤੇ ਜੇਕਰ ਫਿਰ ਵੀ ਸਰਕਾਰ ਨਾ ਹਿੱਲੀ ਤਾਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਦੋ ਘੰਟੇ ਲਈ ਵੀ ਬੱਸ ਸਟੈਂਡ ਬੰਦ ਕਰ ਦਿੱਤਾ ਗਿਆ ਤਾਂ ਉਨ੍ਹਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਹੋ ਜਾਵੇਗਾ।