ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ’ਤੇ ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ, ਮੋਰਚੇ ’ਤੇ ਲਿਆ ਇਹ ਫ਼ੈਸਲਾ

rajewal/nawanpunjab.com

ਚੰਡੀਗੜ੍ਹ, 19 ਨਵੰਬਰ (ਦਲਜੀਤ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਜਿੱਥੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ, ਉਥੇ ਮੋਰਚਾ ਜਾਰੀ ਰੱਖਣ ਦੀ ਗੱਲ ਆਖੀ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਮੰਨਿਆ ਹੈ ਕਿ ਉਨ੍ਹਾਂ ਕੋਲੋਂ ਗਲਤ ਕੰਮ ਹੋਇਆ ਜਿਸ ਕਾਰਣ ਤਿੰਨੇ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦਾ ਮੌਕਾ ਹੈ, ਦੇਸ਼ ਵਾਸੀਆਂ ਤੋਂ ਇਲਾਵਾ ਸਾਰੀ ਦੁਨੀਆ ਨੇ ਮੋਰਚੇ ਦੀ ਹਿਮਾਇਤ ਕੀਤੀ ਹੈ, ਇਹੋ ਕਾਰਣ ਹੈ ਕਿ ਸਰਕਾਰ ਨੂੰ ਆਪਣੀ ਗ਼ਲਤੀ ਮੰਨਣੀ ਪਈ ਹੈ। ਦੇਰ ਆਏ ਦਰੁਸਤ ਆਏ। ਇਸ ਲਈ ਉਹ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹਨ। ਰਾਜੇਵਾਲ ਨੇ ਕਿਹਾ ਕਿ ਭਾਵੇਂ ਸਰਕਾਰ ਨੇ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਲੈ ਲਿਆ ਹੈ ਪਰ ਅਜੇ ਸਾਡੀ ਤਸੱਲੀ ਨਹੀਂ ਹੋਈ ਹੈ।

ਐੱਮ. ਐੱਸ. ਪੀ. ’ਤੇ ਪ੍ਰਧਾਨ ਮੰਤਰੀ ਕੁੱਝ ਨਹੀਂ ਬੋਲੇ ਹਨ ਅਤੇ ਜਦੋਂ ਤਕ ਪਾਰਲੀਮੈਂਟ ਵਿਚ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਕਿਸਾਨ ਮੋਰਚਾ ਜਾਰੀ ਰਹੇਗਾ। ਰਾਜੇਵਾਲ ਨੇ ਕਿਹਾ ਕਿ ਐੱਮ.ਐੱਸ. ਪੀ. ਦੀ ਸਮੱਸਿਆ ਸਾਰੇ ਦੇਸ਼ ਦੇ ਕਿਸਾਨਾਂ ਦੀ ਸਮੱਸਿਆ ਹੈ ਅਤੇ ਐੱਮ. ਐੱਸ. ਦੇ ਕਾਨੂੰਨ ਬਾਰੇ ਗੱਲਬਾਤ ਕਰਨੀ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਪਾਰਲੀਮੈਂਟ ਵਿਚ ਤਿੰਨੇ ਕਾਨੂੰਨ ਵਾਪਸ ਲੈਣ ਲਈ ਕਾਨੂੰਨ ਪਾਸ ਨਹੀਂ ਕੀਤਾ ਜਾਂਦਾ, ਉਦੋਂ ਤਕ ਕਿਸਾਨ ਆਪਣੇ ਘਰਾਂ ਨੂੰ ਨਹੀਂ ਪਰਤਣਗੇ। ਇਸ ਦੌਰਾਨ ਰਾਜੇਵਾਲ ਨੇ ਦੇਸ਼ ਵਾਸੀਆਂ ਨੂੰ ਗੁਰਪੁਰਬ ਦੀਆਂ ਵੀ ਵਧਾਈਆਂ ਦਿੱਤੀਆਂ ਹਨ।

Leave a Reply

Your email address will not be published. Required fields are marked *