ਨਵੀਂ ਦਿੱਲੀ , 24 ਨਵੰਬਰ (ਦਲਜੀਤ ਸਿੰਘ)- ਕੇਂਦਰੀ ਮੰਤਰੀ ਮੰਡਲ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ ਮਿਲ ਗਈ ਹੈ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਸ਼ੁੱਕਰਵਾਰ ਨੂੰ ਗੁਰਪੁਰਬ ਮੌਕੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਹੁਣ ਕੈਬਨਿਟ ਦੀ ਮੋਹਰ ਤੋਂ ਬਾਅਦ ਇਹ ਬਿੱਲ 29 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਪੇਸ਼ ਕੀਤਾ ਜਾ ਸਕਦਾ ਹੈ।
ਲੋਕ ਸਭਾ ਸਕੱਤਰੇਤ ਦੇ ਬੁਲੇਟਿਨ ਮੁਤਾਬਕ ਸੈਸ਼ਨ ਦੌਰਾਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨਾਲ ਸਬੰਧਿਤ ਬਿੱਲ ਪੇਸ਼ ਕੀਤੇ ਜਾਣ ਲਈ ਸੂਚੀਬੱਧ ਹੈ। ਦੱਸਣਯੋਗ ਹੈ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਪਿਛਲੇ ਸਾਲ ਨਵੰਬਰ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸੰਸਦ ਵੱਲੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ ਤੱਕ ਉਹ ਧਰਨੇ ਵਾਲੀਆਂ ਥਾਵਾਂ ‘ਤੇ ਬੈਠੇ ਰਹਿਣਗੇ।