ਨਵੀਂ ਦਿੱਲੀ, 29 ਨਵੰਬਰ (ਦਲਜੀਤ ਸਿੰਘ)- ਕਿਸਾਨਾਂ ਦੇ ਮੁੱਦੇ ’ਤੇ ਕਾਂਗਰਸ ਪਾਰਟੀ, ਕੇਂਦਰ ਸਰਕਾਰ ਖ਼ਿਲਾਫ਼ ਹਮਲਾਵਰ ਰਵੱਈਆ ਅਪਣਾ ਰਹੀ ਹੈ। ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ’ਚ ਦੇਰੀ ਅਤੇ ਕਿਸਾਨਾਂ ਨਾਲ ਜੁੜੇ ਮੁੱਦਿਆਂ ’ਤੇ ਕਾਂਗਰਸ ਨੇ ਅੱਜ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਮੌਕੇ ਪਾਰਟੀ ਦਾ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਿਸ਼ੇਸ਼ ਰੂਪ ਨਾਲ ਮੌਜੂਦ ਰਹੇ। ਸੰਸਦ ’ਚ ਕਿਸਾਨਾਂ ਦੇ ਮੁੱਦੇ ’ਤੇ ਮਹਾਤਮਾ ਗਾਂਧੀ ਦੇ ਬੁੱਤ ਕੋਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਸੋਨੀਆ ਗਾਂਧੀ ਦੀ ਅਗਵਾਈ ’ਚ ਸੰਸਦ ਮੈਂਬਰਾਂ ਨੇ ਸਰਕਾਰ ਵਿਰੋਧੀ ਨਾਅਰੇ ਲਾਏ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨਾਲ ਨਿਆਂ ਕਰਨ ਦੇ ਨਾਅਰੇ ਲਾਏ। ਐੱਮ. ਐੱਸ. ਪੀ. ਨੂੰ ਲਾਗੂ ਕਰਨ ਦੀ ਮੰਗ ਚੁੱਕੀ ਗਈ।
ਓਧਰ ਰਾਹੁਲ ਗਾਂਧੀ ਨੇ ਟਵੀਟ ਕੀਤਾ, ਇਸ ’ਚ ਉਨ੍ਹਾਂ ਲਿਿਖਆ ਕਿ ਅੱਜ ਸੰਸਦ ਵਿਚ ਅੰਨਦਾਤਾ ਦੇ ਨਾਂ ਦਾ ਸੂਰਜ ਉਗਾਉਣਾ ਹੈ।
ਜ਼ਿਕਰਯੋਗ ਹੈ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਅੱਜ ਹੀ ਖੇਤੀ ਕਾਨੂੰਨਾਂ ਨੂੰ ਵਾਪਸੀ ਬਿੱਲ 2021 ਨੂੰ ਲੋਕ ਸਭਾ ’ਚ ਵਿਚਾਰ ਕੀਤੇ ਜਾਣ ਅਤੇ ਪਾਸ ਕਰਨ ਲਈ ਸੂਚੀਬੱਧ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਮਗਰੋਂ ਇਕ ਬਿੱਲ ਨੂੰ ਕੇਂਦਰੀ ਕੈਬਨਿਟ ਦੀ ਮਨਜ਼ੂਰੀ ਪ੍ਰਦਾਨ ਕੀਤੀ ਸੀ।