ਨਵੀਂ ਦਿੱਲੀ, 29 ਨਵੰਬਰ (ਦਲਜੀਤ ਸਿੰਘ)- ਸੋਮਵਾਰ ਯਾਨੀ ਅੱਜ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋ ਗਿਆ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨ ਵਾਪਸੀ ਬਿੱਲ, 2021 ਰਾਜ ਸਭਾ ’ਚ ਪੇਸ਼ ਕੀਤਾ ਹੈ। ਦੱਸ ਦੇਈਏ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਆਵਾਜ਼ ਮਤ ਨਾਲ ਇਹ ਬਿੱਲ ਪਹਿਲਾਂ ਹੀ ਪਾਸ ਹੋ ਗਿਆ ਸੀ। ਦੱਸਣਯੋਗ ਹੈ ਕਿ ਰਾਜ ਸਭਾ 2 ਵਾਰ ਦੀ ਮੁਲਤਵੀ ਤੋਂ ਬਾਅਦ ਮੁੜ ਸ਼ੁਰੂ ਹੋਈ ਸੀ। ਇਸ ਦੌਰਾਨ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪੇਸ਼ ਕੀਤਾ ਗਿਆ। ਜਿਸ ਨੂੰ ਰਾਜ ਸਭਾ ਦੇ ਡਿਪਟੀ ਸਪੀਕਰ ਵਲੋਂ ਪਾਸ ਕਰ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 19 ਨਵੰਬਰ 2021 ਨੂੰ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਗਿਆ। ਪ੍ਰਧਾਨ ਮੰਤਰੀ ਵਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਮਗਰੋਂ ਬਿੱਲ ਨੂੰ ਕੇਂਦਰੀ ਕੈਬਨਿਟ ਦੀ ਮਨਜ਼ੂਰੀ ਪ੍ਰਦਾਨ ਕੀਤੀ ਸੀ। ਇਸ ਐਲਾਨ ਮਗਰੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ ਅਤੇ ਉਹ ਐੱਮ. ਐੱਸ. ਪੀ. ’ਤੇ ਗਰੰਟੀ ਕਾਨੂੰਨ ਸਮੇਤ ਕੁਝ ਹੋਰ ਮੰਗਾਂ ’ਤੇ ਅੜੇ ਹੋਏ ਹਨ। ਜਦਕਿ ਵਿਰੋਧੀ ਧਿਰ ਬਿੱਲ ’ਤੇ ਚਰਚਾ ਦੀ ਮੰਗ ਕਰ ਰਿਹਾ ਹੈ।