ਸ੍ਰੀ ਚਮਕੌਰ ਸਾਹਿਬ/ਸ੍ਰੀ ਆਨੰਦਪੁਰ ਸਾਹਿਬ8 ਦਸੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ’ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਪਹੁੰਚੇ। ਇਸ ਦੌਰਾਨ ਉਨ੍ਹਾਂ ਚਮਕੌਰ ਸਾਹਿਬ ਦੇ ਵਾਸੀਆਂ ਨੂੰ ਕਈ ਵੱਡੀਆਂ ਸੌਗਾਤਾਂ ਦਿੰਦੇ ਹੋਏ ਕਈ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਇਸ ਦੌਰਾਨ ਉਨ੍ਹਾਂ ਨੇ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਰ ਵਿਰਾਸਤ-ਏ-ਖਾਲਸਾ ’ਚ ਆਪਣੇ ਸੰਬੋਧਨ ਦੌਰਾਨ ਵੱਡੇ ਐਲਾਨ ਕੀਤੇ। ਆਪਣੇ ਸੰਬੋਧਨ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸਾਰੇ ਧਰਮਾਂ ਦੀ ਰਾਖੀ ਕੀਤੀ ਹੈ ਅਤੇ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣੀ ਦਿੱਤੀ।
ਇਸ ਮੌਕੇ ਉਨ੍ਹਾਂ ਨੇ ਇਕ ਨੇਚਰ ਪਾਰਕ ਦਾ ਨੀਂਹ ਪੱਥਰ ਰੱਖਿਆ, ਜਿਸ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ। ਇਹ ਨੇਚਰ ਪਾਰਕ ਕਰੀਬ 8 ਕਰੋੜ ਦੀ ਲਾਗਤ ਨਾਲ ਤਿਆਰ ਹੋਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ 4 ਕਰੋੜ 16 ਲੱਖ ਦੀ ਲਾਗਤ ਨਾਲ ਬਣਨ ਵਾਲੇ ਇਕ ਮੈਗਾ ਵਾਰਟ ਸੋਲਰ ਪਲਾਂਟ ਦਾ ਵੀ ਨੀਂਹ ਪੱਥਰ ਰੱਖਿਆ ਇਸ ਦੇ ਇਲਾਵਾ ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਿਊਜ਼ੀਅਮ ਲਈ ਡੇਢ ਕਰੋੜ ਰੁੁਪਏ ਵੀ ਦਿੱਤੇ, ਜਿਸ ਨਾਲ ਮਿਊਜ਼ੀਅਮ ਅਪਗ੍ਰੇਡ ਕੀਤਾ ਜਾਵੇਗਾ। ਇਸ ਦੇ ਨਾਲ ਹੀ ਚੰਨੀ ਨੇ ਦੋ ਕਰੋੜ ਰੁਪਏ ਭਾਈ ਜੈਤਾ ਜੀ ਦੇ ਮੈਮੋਰੀਅਲ ਲਈ ਦਿੱਤੇ।